ਖੇਤ ਮਜ਼ਦੂਰ ਯੂਨੀਅਨ ਵੱਲੋਂ 15 ਮਾਰਚ ਨੂੰ ਬਠਿੰਡਾ ਵਿਖੇ ਕੀਤੀ ਜਾ ਰਹੀ ਹੈ ਮਹਾਂਰੈਲੀ
ਖੇਤੀ ਕਾਨੂੰਨਾਂ ਦੀ ਵਾਪਸੀ, ਦਲਿਤਾਂ ’ਤੇ ਵਧ ਰਹੇ ਅੱਤਿਆਚਾਰ ਬੰਦ ਕਰਨ, ਖੇਤ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖ਼ਤਮ ਕਰਵਾਉਣ ਲਈ 15 ਮਾਰਚ ਨੂੰ ਬਠਿੰਡਾ ਵਿਖੇ ਖੇਤ ਮਜ਼ਦੂਰਾਂ ਦੀ ਵੱਡੀ ਰੈਲੀ ਕੀਤੀ ਜਾ ਰਹੀ ਹੈ।
ਬਰਨਾਲਾ: ਖੇਤੀ ਕਾਨੂੰਨਾਂ ਦੀ ਵਾਪਸੀ, ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਰੱਦ ਕਰਵਾਉਣ, ਦਲਿਤਾਂ ’ਤੇ ਵਧ ਰਹੇ ਅੱਤਿਆਚਾਰ ਬੰਦ ਕਰਨ, ਖੇਤ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖ਼ਤਮ ਕਰਵਾਉਣ ਲਈ 15 ਮਾਰਚ ਨੂੰ ਬਠਿੰਡਾ ਵਿਖੇ ਖੇਤ ਮਜ਼ਦੂਰਾਂ ਦੀ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਹ ਵਿਚਾਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਧੂ ਕਲਾਂ ਵਿੱਚ ਮਜ਼ਦੂਰਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ।
ਇਸ ਮੌਕੇ ਸੂਬਾ ਪ੍ਰਧਾਨ ਨਸਰਾਲੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਤੋਂ ਪਹਿਲਾਂ ਉਹਨਾਂ ਪੰਚਾਇਤੀ, ਸਾਮਲਾਟ ਤੇ ਸਰਕਾਰੀ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਕਬਜ਼ੇ ਹੇਠ ਲਿਆਉਣ ਦਾ ਸਾਧਨ ਬਣਨਗੇ, ਜਿਹਨਾਂ ਉੱਪਰ ਖੇਤ ਮਜ਼ਦੂਰਾਂ ਤੇ ਦਲਿਤਾਂ ਦਾ ਕਾਨੂੰਨੀ ਅਧਿਕਾਰ ਹੈ। ਇਸ ਤੋਂ ਇਲਾਵਾ ਠੇਕਾ ਖੇਤੀ ਕਾਨੂੰਨ ਜ਼ਮੀਨੀ ਹੱਦਬੰਦੀ ਕਾਨੂੰਨ ਨੂੰ ਖ਼ਤਮ ਕਰਨ ਦਾ ਸਾਧਨ ਬਣੇਗਾ ਜਿਸ ਨਾਲ ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀ ਜ਼ਮੀਨ ਦੀ ਵੰਡ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਤੇ ਥੁੜ ਜ਼ਮੀਨੇ ਕਿਸਾਨਾਂ ਚ ਕਰਨ ਵਾਲਾ ਮੁੱਦਾ ਵੀ ਖਤਮ ਹੋ ਜਾਵੇਗਾ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਘਰ-ਘਰ ਨੌਕਰੀ ਤੇ ਕਰਜ਼ਾ ਕੁਰਕੀ ਮੁਆਫ਼ ਦੇ ਦਾਅਵੇ ਨਾਲ ਸਤਾ ’ਚ ਆਈ ਕੈਪਟਨ ਸਰਕਾਰ ਨੇ ਮਜ਼ਦੂਰਾਂ ਦੀ ਕਰਜ਼ਾ ਮੁਆਫੀ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ। ਉਨਾਂ ਸਰਕਾਰ ਤੋਂ ਮਨਰੇਗਾ ਦਿਹਾੜੀ 600 ਰੂਪੈ ਕਰਨ ਅਤੇ ਸਾਲ ਭਰ ਦਾ ਕੰਮ ਦੇਣ ਦੀ ਮੰਗ ਵੀ ਕੀਤੀ। ਮਜ਼ਦੂਰ ਆਗੂਆਂ ਨੇ ਖੇਤ ਮਜ਼ਦੂਰਾਂ ਨੂੰ 15 ਮਾਰਚ ਦੀ ਰੈਲੀ ਵਿੱਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।