ਬਰਨਾਲਾ: ਤਿੰਨ ਖੇਤੀ ਕਾਨੂੰਨਾਂ ਨੂੰ ਰੱਦ (Repeal of three agricultural laws) ਕਰਵਾਉਣ ਅਤੇ ਕਿਸਾਨੀ ਮੰਗਾਂ ਦੇ ਹੱਲ ਲਈ ਦੇਸ਼ ਪੱਧਰ ਤੇ ਬਣੇ ਸੰਯੁਕਤ ਕਿਸਾਨ ਮੋਰਚੇ ਦੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।
9 ਮੈਂਬਰੀ ਤਾਲਮੇਲ ਕਮੇਟੀ ਦੀ ਸਹਿਮਤੀ ਨਾਲ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਸੱਦਾ
ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਇਕੱਠੀਆਂ ਹੋਈਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਵਿਚਾਰ ਚਰਚਾ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਇਕੱਤਰ ਹੋਈਆਂ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੀ ਸਹਿਮਤੀ ਨਾਲ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ।
ਕਿਸਾਨ ਆਗੂਆਂ ਗੁਰਮੀਤ ਸਿੰਘ ਮਹਿਮਾ, ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ ਆਦਿ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਦਿੱਲੀ ਦੀਆਂ ਹੱਦਾਂ ਤੋਂ ਮੋਰਚਾ ਮੁਲਤਵੀ ਕਰਨ ਵੇਲੇ ਸਰਕਾਰ ਵੱਲੋਂ ਜੋ ਕੇਸ ਵਾਪਸੀ ਅਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ , ਨਾਂ ਤਾਂ ਉਸ ਪ੍ਰਤੀ ਕੋਈ ਸੰਜੀਦਗੀ ਦਿਖਾਈ ਗਈ ਹੈ ਤੇ ਨਾ ਹੀ ਐੱਮਐੱਸਪੀ ਉੱਪਰ ਕੰਮ ਕਰਨ ਵਾਲੀ ਕਮੇਟੀ ਬਾਰੇ ਕੋਈ ਗੱਲ ਅੱਗੇ ਤੋਰੀ ਗਈ ਹੈ।
ਮੋਦੀ GO back ਦੇ ਨਾਅਰੇ ਨਾਲ ਗੂੰਜੇਗਾ ਪੰਜਾਬ 5 ਜਨਵਰੀ ਨੂੰ ਪੰਜਾਬ ਫੇਰੀ ਮੌਕੇ ਪੂਰੇ ਪੰਜਾਬ ਵਿੱਚ ਵਿਰੋਧ
ਇਸ ਤੋਂ ਇਲਾਵਾ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਦਰੜ ਕੇ ਮਾਰਨ ਵਾਲੀ ਘਟਨਾ ਉੱਪਰ ਵੀ ਸਿੱਟ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋਂ ਅਗਵਾਈ ਕਰ ਰਹੇ ਕਿਸਾਨਾਂ ਨੂੰ ਹੀ ਹੋਰ ਮਸਲਿਆਂ ਵਿੱਚ ਫਸਾਇਆ ਜਾ ਰਿਹਾ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਮੌਕੇ ਪੂਰੇ ਪੰਜਾਬ ਵਿੱਚ ਵਿਰੋਧ ਕੀਤਾ ਜਾਵੇਗਾ।
2 ਜਨਵਰੀ ਨੂੰ ਪੰਜਾਬ ਦੇ ਹਰੇਕ ਪਿੰਡ ਵਿੱਚ ਫੂਕੀ ਜਾਵੇਗੀ ਮੋਦੀ ਦੀ ਅਰਥੀ
ਉਨ੍ਹਾਂ ਦੱਸਿਆ ਕਿ 2 ਜਨਵਰੀ ਨੂੰ ਪੰਜਾਬ ਦੇ ਹਰੇਕ ਪਿੰਡ ਵਿੱਚ ਮੋਦੀ ਦੀ ਅਰਥੀ ਫੂਕੀ ਜਾਵੇਗੀ ਅਤੇ 5 ਜਨਵਰੀ ਨੂੰ ਤਹਿਸੀਲ ਅਤੇ ਜ਼ਿਲ੍ਹਾ ਪੱਧਰ ਤੇ 12 ਤੋਂ 2 ਵਜੇ ਤੱਕ ਧਰਨੇ ਦੇ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਆਗੂਆਂ ਨੇ ਪੰਜਾਬ ਅੰਦਰਲੀਆਂ ਹੋਰ ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨਾਂ ਦੀਆਂ ਜਥੇਬੰਦੀਆਂ ਨੂੰ ਇਸ ਐਕਸ਼ਨ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਇਸ ਪ੍ਰੋਗਰਾਮ ਨਾਲ ਸਹਿਮਤੀ ਪ੍ਰਗਟਾਉੰਦਿਆਂ ਸਾਰੇ ਪੰਜਾਬ ਵਿੱਚ ਸੱਦਾ ਕਾਮਯਾਬ ਕਰਨ ਦੀ ਅਪੀਲ ਕੀਤੀ । ਮੀਟਿੰਗ ਦੀਆਂ ਜੱਥੇਬੰਦੀਆਂ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਆਜ਼ਾਦ ਕਿਸਾਨ ਕਮੇਟੀ ਦੋਆਬਾ, ਜੈ ਕਿਸਾਨ ਅੰਦੋਲਨ, ਬੀਕੇਯੂ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਲੋਕ ਭਲਾਈ ਵੈਲਫੇਅਰ ਸੋਸਾਇਟੀ, ਬੀਕੇਯੂ ਕ੍ਰਾਂਤੀਕਾਰੀ, ਦਸੂਹਾ ਗੰਨਾ ਕਮੇਟੀ ਆਦਿ ਸ਼ਾਮਲ ਹੋਈਆਂ।
ਇਹ ਵੀ ਪੜ੍ਹੋ:ਮੋਦੀ ਦੀ ਪੰਜਾਬ ਫੇਰੀ ਦਾ ਹੋਵੇਗਾ ਵਿਰੋਧ, ਲੱਗਣਗੇ Go back ਦੇ ਨਾਅਰੇ