ਬਰਨਾਲਾ: ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੁਖਤਾ ਸੁਰੱਖਿਆ ਅਤੇ ਪੰਜਾਬ ਸਰਕਾਰ ਦੀਆਂ ਟਰਾਂਸਪੋਰਟ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਵਰਜੀਤ ਵਾਲੀਆ ਵੱਲੋਂ ਇੱਥੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕ ਕਮੇਟੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਐਸਡੀਐਮ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਸਾਡਾ ਪਹਿਲਾ ਫਰਜ਼ ਹੈ ਅਤੇ ਇਸ ਮਾਮਲੇ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨਾਂ ਜਿੱਥੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਵਾਈਐਸ ਸਕੂਲ ਹੰਡਿਆਇਆ ਬੱਸ ਮਾਮਲੇ ਦੀ ਜਾਂਚ ਕਰ ਕੇ ਰਿਪੋਰਟ ਦੇਣ ਦੇ ਆਦੇਸ਼ ਦਿੱਤੇ। ਉਥੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੂੰ ਅਜਿਹਾ ਭਵਿੱਖ ਵਿੱਚ ਨਾ ਵਾਪਰਨ ਦੇਣ ਲਈ ਸਖ਼ਤ ਤਾੜਨਾ ਕੀਤੀ। ਉਨਾਂ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਟਰਾਂਸਪੋਰਟ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨਾਂ ਆਖਿਆ ਕਿ ਸਕੂਲ ਪ੍ਰਬੰਧਕਾਂ ਵੱਲੋਂ ਟਰਾਂਸਪੋਰਟ ਇੰਚਾਰਜ ਸਕੂਲੀ ਬੱਸਾਂ, ਡਰਾਈਵਰਾਂ, ਵਿਦਿਆਰਥੀਆਂ ਤੇ ਹੋਰ ਅਮਲੇ ਦਾ ਪੂਰਾ ਰਿਕਾਰਡ ਰੱਖਣਾ ਯਕੀਨੀ ਬਣਾਵੇ ਅਤੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਸਮੇਂ ਸਮੇਂ ’ਤੇ ਕੀਤੀ ਜਾਵੇ।