ਬਰਨਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ ਹੋਣ ਜਾ ਰਹੀ ਹੈ। ਇਸੇ ਦੇ ਚੱਲਦੇ ਬੀਤੇ ਦਿਨ ਬਰਨਾਲਾ ਜ਼ਿਲ੍ਹੇ ਦੇ ਅਕਾਲੀ ਐਸਜੀਪੀਸੀ ਮੈਂਬਰ ਸੰਤ ਬਾਬਾ ਬਲਵੀਰ ਸਿੰਘ ਘੁੰਨਸ ਵਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਬਗ਼ਾਵਤ ਦਾ ਝੰਡਾ ਚੁੱਕ ਲਿਆ ਹੈ ਅਤੇ ਬੀਬੀ ਜਗੀਰ ਕੌਰ ਦੇ ਸਮੱਰਥਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਨਾਲ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਵੀ ਹਾਜ਼ਰ ਸਨ, ਜਿਹਨਾਂ ਨੇ ਬਾਬਾ ਬਲਵੀਰ ਸਿੰਘ ਘੁੰਨਸ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਨੂੰ ਲੈ ਕੇ ਅੱਜ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸੇ ਕਿਸਮ ਦਾ ਪਛਤਾਵਾ ਨਹੀਂ ਕੀਤਾ। ਜਦਕਿ ਉਸ ਮੌਕੇ ਅਕਾਲੀ ਦਲ ਦੀ ਸਰਕਾਰ ਹੋਣ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਸਿੱਖ ਪੰਥ ਤੋਂ ਮੁਆਫੀ ਮੰਗਣੀ ਚਾਹੀਦੀ ਸੀ।
ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾ ਸਕੇ, ਜਿਸ ਕਰਕੇ ਉਨ੍ਹਾਂ ਨੂੰ ਆਪਣੇ ਅਹੁਦੇ ਨੂੰ ਤਿਆਗ ਦੇਣਾ ਚਾਹੀਦਾ ਸੀ। ਜਿਸ ਕਰਕੇ ਉਹ ਅਤੇ ਸੰਤ ਬਲਵੀਰ ਸਿੰਘ ਘੁੰਨਸ ਭਲਕੇ ਐਸਜੀਪੀਸੀ ਪ੍ਰਧਾਨ ਦੀ ਹੋਣ ਵਾਲੀ ਚੋਣ ਵਿੱਚ ਬੀਬੀ ਜਗੀਰ ਕੌਰ ਦੀ ਮਦਦ ਕਰਨਗੇ।