ਬਰਨਾਲਾ: ਦੇਸ਼ ਦੀ ਆਜ਼ਾਦੀ ਲਈ ਅਹਿਮ ਰੋਲ ਅਦਾ ਕਰਨ ਵਾਲੇ ਆਜ਼ਾਦੀ ਘੁਲਾਟੀਏ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ 87ਵੀਂ ਬਰਸੀ ਉਨ੍ਹਾਂ ਦੇ ਜ਼ੱਦੀ ਪਿੰਡ ਠੀਕਰੀਵਾਲਾ ਵਿਖੇ ਮਨਾਈ ਗਈ। ਇਸ ਵਾਰ ਦਾ ਬਰਸੀ ਸਮਾਗਮ ਪੂਰਨ ਰੂਪ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਮਰਪਿਤ ਕੀਤਾ ਗਿਆ। ਇਸ ਵਾਰ ਕਿਸੇ ਵੀ ਸਿਆਸੀ ਪਾਰਟੀ ਦੇ ਲੀਡਰ ਨੂੰ ਬਰਸੀ ਸਮਾਗਮ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ। ਮਹਿਜ਼ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵਲੋਂ ਪਹੁੰਚ ਕੇ ਸ਼ਹੀਦ ਸੇਵਾ ਸਿੰਘ ਨੂੰ ਸਰਧਾਂਜਲੀ ਭੇਂਟ ਕੀਤੀ।
ਕਿਸਾਨ ਅੰਦੋਲਨ ਨੂੰ ਸਮਰਪਿਤ ਕਰ ਮਨਾਈ ਗਈ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 87ਵੀਂ ਬਰਸੀ - ਆਜ਼ਾਦੀ ਘੁਲਾਟੀਏ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ
ਦੇਸ਼ ਦੀ ਆਜ਼ਾਦੀ ਲਈ ਅਹਿਮ ਰੋਲ ਅਦਾ ਕਰਨ ਵਾਲੇ ਆਜ਼ਾਦੀ ਘੁਲਾਟੀਏ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ 87ਵੀਂ ਬਰਸੀ ਉਨ੍ਹਾਂ ਦੇ ਜ਼ੱਦੀ ਪਿੰਡ ਠੀਕਰੀਵਾਲਾ ਵਿਖੇ ਮਨਾਈ ਗਈ। ਇਸ ਮੌਕੇ ਰੱਖੇ ਧਾਰਮਿਕ ਸਮਾਗਮਾਂ 'ਚ ਸਿਆਸੀ ਪਾਰਟੀਆਂ ਦਾ ਬਾਈਕਾਟ ਕੀਤਾ ਗਿਆ। ਇਹ ਸਮਾਗਮ ਕਿਸਾਨ ਅੰਦੋਲਨ ਨੂੰ ਸਮਰਪਿਤ ਕੀਤੇ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਦੇ ਸਾਬਕਾ ਸਰਪੰਚ ਗੁਰਦਿਆਲ ਸਿੰਘ ਮਾਨ ਨੇ ਦੱਸਿਆ ਕਿ ਹਰ ਸਾਲ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਤਿੰਨ ਦਿਨੀਂ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਇਸ ਸਮਾਗਮ ਦੌਰਾਨ ਹਰ ਸਾਲ ਸਿਆਸੀ ਪਾਰਟੀਆਂ ਦੇ ਲੀਡਰ ਪਹੁੰਚ ਕੇ ਉਨ੍ਹਾਂ ਨੂੰ ਸਰਧਾਂਜਲੀ ਭੇਂਟ ਕਰਦੇ ਹਨ,ਪਰ ਇਸ ਵਾਰ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚੱਲਦਿਆਂ ਬਰਸੀ ਸਮਾਗਮ ਮੌਕੇ ਸਿਆਸੀ ਪਾਰਟੀਆਂ ਦਾ ਬਾਈਕਾਟ ਕੀਤਾ ਗਿਆ ਹੈ। ਇਸ ਵਾਰ ਮਹਿਜ਼ ਕਿਸਾਨ ਜੱਥੇਬੰਦੀਆਂ ਦੇ ਆਗੂ ਹੀ ਬਰਸੀ ਸਮਾਗਮ ਮੌਕੇ ਪਹੁੰਚ ਕੇ ਸ਼ਹੀਦ ਸੇਵਾ ਸਿੰਘ ਸਰਧਾਂਜਲੀ ਭੇਂਟ ਕਰ ਰਹੇ ਹਨ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰੈਸ ਸਕੱਤਰ ਬਲਵੰਤ ਸਿੰਘ ਉਪਲੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਪਿੰਡ ਵਾਸੀਆਂ ਵੱਲੋਂ ਸਿਆਸੀ ਪਾਰਟੀਆਂ ਦੇ ਬਾਈਕਾਟ ਕਰਨ ਦੀ ਅਪੀਲ ਕੀਤੀ ਗਈ।ਇਸ ਵਾਰ ਸ਼ਹੀਦ ਸੇਵਾ ਸਿੰਘ ਜੀ ਦਾ ਬਰਸੀ ਸਮਾਗਮ ਕਿਸਾਨੀ ਸੰਘਰਸ਼ ਦੇ ਪੱਖ 'ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਸੂਬੇ ਦੇ ਇਨ੍ਹਾਂ ਮਾੜੇ ਹਲਾਤਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਜ਼ਿੰਮੇਵਾਰ ਹਨ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।