ਬਰਨਾਲਾ:ਪੰਜਾਬ ਵਿੱਚ ਮਾੜੀ ਬਿਜਲੀ ਸਪਲਾਈ ਨੂੰ ਲੈ ਕੇ ਹਰ ਵਰਗ ਵਿੱਚ ਸਰਕਾਰ ਪ੍ਰਤੀ ਰੋਸ ਪਾਇਆ ਜਾਂ ਰਿਹਾ ਹੈ। ਇਸੇ ਤਹਿਤ ਵੀਰਵਾਰ ਨੂੰ ਬਰਨਾਲਾ ਦੇ ਕਸਬਾ ਮਹਿਲ ਕਲਾਂ ਦੇ ਦੁਕਾਨਦਾਰਾਂ ਵੱਲੋਂ ਸੜਕਾਂ ਤੇ ਉਤਰ ਕੇ ਪ੍ਰਦਰਸ਼ਨ ਕੀਤਾ ਗਿਆ।
ਦੁਕਾਨਦਾਰ ਯੂਨੀਅਨ ਕਸਬਾ ਮਹਿਲ ਕਲਾਂ ਦੇ ਪ੍ਰਧਾਨ ਗਗਨ ਸਰਾਂ ਕੁਰੜ ਦੀ ਅਗਵਾਈ ਹੇਠ ਦੁਕਾਨਦਾਰਾਂ ਵੱਲੋਂ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਉੱਪਰ 24 ਘੰਟੇ ਬਿਜਲੀ ਸਪਲਾਈ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਧਰਨਾ ਲਗਾਇਆ ਗਿਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਬਰਨਾਲਾ ਇਕਾਈ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ, ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮਾ, ਸਾਬਕਾ ਸਰਪੰਚ ਨਾਥ ਸਿੰਘ ਹਮੀਦੀ, ਮੀਤ ਪ੍ਰਧਾਨ ਬਲਜੀਤ ਸਿੰਘ ਗੰਗੋਹਰ, ਜਨਰਲ ਸਕੱਤਰ ਹਰਦੀਪ ਸਿੰਘ ਬੀਹਲਾ, ਜਗਦੀਸ਼ ਸਿੰਘ ਪੰਨੂ ਛੀਨੀਵਾਲ ਕਲਾਂ ਨੇ ਕਿਹਾ, ਕਿ ਇੱਕ ਪਾਸੇ ਸਰਕਾਰ ਪੰਜਾਬ ਵਿੱਚ 24 ਘੰਟੇ ਘਰੇਲੂ ਬਿਜਲੀ ਸਪਲਾਈ ਦੇ ਦਾਅਵੇ ਕਰ ਰਹੀ ਹੈ। ਪਰ ਪਾਵਰਕੱਟ ਦੇ ਨਾਮ ਤੇ ਬਿਜਲੀ ਕੱਟ ਲਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾਂ ਰਿਹਾ ਹੈ। ਕਈ ਕਈ ਘੰਟੇ ਦੇ ਬਿਜਲੀ ਕੱਟ ਲੱਗਣ ਕਾਰਨ ਕਾਰੋਬਾਰ ਤੇ ਵੀ ਵੱਡਾ ਅਸਰ ਪੈ ਰਿਹਾ ਹੈ। ਜਿਸ ਕਰਕੇ ਵੀਰਵਾਰ ਨੂੰ ਮਜਬੂਰਨ ਉਹਨਾਂ ਨੂੰ ਬਿਜਲੀ ਕੱਟਾਂ ਤੋਂ ਤੰਗ ਆ ਕੇ ਸੜਕਾਂ ਤੇ ਉਤਰ ਕੇ ਧਰਨੇ ਲਾਉਣੇ ਪੈ ਰਹੇ ਹਨ।
ਧਰਨੇ ਦੌਰਾਨ ਦੁਕਾਨਦਾਰਾਂ ਤੋਂ ਮੰਗ ਪੱਤਰ ਲੈਣ ਲਈ ਵਿਸ਼ੇਸ਼ ਤੌਰ ਤੇ ਪੁੱਜੇ ਸਬ ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੂੰ ਦੁਕਾਨਦਾਰਾਂ ਵੱਲੋਂ ਆਪਣਾ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਨੇ ਦੁਕਾਨਦਾਰਾਂ ਅਤੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੀ ਬਿਜਲੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ:- ਲਾਲ ਕਿਲ੍ਹੇ ਤੇ ਝੰਡਾ ਲਹਿਰਾਉਣ ਵਾਲੇ ਨੌਜਵਾਨ ਨੂੰ ਮਿਲੀ ਜ਼ਮਾਨਤ