ਬਰਨਾਲਾ: ਪੰਜਾਬ ਸਰਕਾਰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਈ ਕਿਸਾਨਾਂ ਨੂੰ ਪ੍ਰੇਰਿਤ ਅਤੇ ਉਤਸ਼ਾਹਿਤ ਕਰ ਰਹੀ ਹੈ। ਇਸ ਤਹਿਤ ਪਿਛਲੇ 3 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਜ਼ਿਲਾ ਬਰਨਾਲਾ ਪ੍ਰਸ਼ਾਸਾਨ ਨੇ ਸਨਮਾਨਿਤ ਕੀਤਾ ਹੈ।
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਬਰਨਾਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਸਨਮਾਨ ਬਰਨਾਲਾ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫ਼ੂਲਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸ ਤਹਿਤ ਜ਼ਿਲ੍ਹਾ ਪੱਧਰ ’ਤੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਿਨ੍ਹਾਂ ਕਿਸਾਨਾਂ ਵਲੋਂ ਪਿਛਲੇ 3 ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਅਤੇ ਕਣਕ ਦੀ ਸਿੱਧੀ ਬਿਜਾਈ ਕੀਤੀ ਗਈ, ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਫ਼ੂਲਕਾ ਨੇ ਅਗਾਂਹਵਧੂ ਕਿਸਾਨਾਂ ਦੀ ਪ੍ਰਸ਼ੰਸ਼ਾ ਕੀਤੀ ਅਤੇ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਗਤੀਸ਼ੀਲ ਕਿਸਾਨਾਂ ਨੂੰ ਅੱਗੇ ਪਿੰਡਾਂ ਦੇ ਹੋਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਵਾਰ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵੀ ਚੱਲ ਰਿਹਾ ਹੈ। ਜਿਸ ਕਰਕੇ ਜੇਕਰ ਇਸ ਵਾਰ ਕਿਸਾਨ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਇਸ ਦੇ ਨਤੀਜੇ ਹੋਰ ਭਿਆਨਕ ਹੋਣਗੇ।
ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਡਾ.ਬਲਦੇਵ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਡੇ ਪੱਧਰ ’ਤੇ ਪ੍ਰਦੂਸ਼ਣ ਫੈਲਦਾ ਹੈ। ਇਸ ਨਾਲ ਮਿੱਟੀ ਅਤੇ ਮਿੱਤਰ ਕੀੜਿਆਂ ਦਾ ਵੀ ਨੁਕਸਾਨ ਹੁੰਦਾ ਹੈ। ਖੇਤੀਬਾੜੀ ਵਿਭਾਗ ਕਿਸਾਨਾਂ ਨੂੰ 80 ਫ਼ੀਸਦੀ ਸਬਸਿਡੀ ’ਤੇ ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਦੇ ਰਿਹਾ ਹੈ।
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਪਰਾਲੀ ਨੂੰ ਖੇਤ ’ਚ ਵਾਹ ਕੇ ਹੀ ਸਿੱਧੀ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ। ਇਸ ਵਾਰ ਕੋਰੋਨਾ ਕਾਰਨ ਵੀ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਵੇਗੀ ਅਤੇ ਹੋਰ ਸਾਥੀ ਕਿਸਾਨਾਂ ਨੂੰ ਵੀ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾਵੇਗਾ।