ਬਰਨਾਲਾ: ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਦਾ ਅੱਜ ਅਖੀਰਲਾ ਦਿਨ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਆਖ਼ਰੀ ਦਿਨ ਆਪਣੀ ਪੂਰੀ ਤਾਕਤ ਝੋਕ ਦਿੱਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਦੇ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਕਮਲਦੀਪ ਕੌਰ ਦੇ ਹੱਕ ਵਿੱਚ ਪ੍ਰਚਾਰ ਕੀਤਾ।
ਇਸ ਦੌਰਾਨ ਸੁਖਬੀਰ ਬਾਦਲ ਨੇ ਲੋਕਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਪੰਥਕ ਉਮੀਦਵਾਰ ਬੀਬਾ ਕਮਲਦੀਪ ਕੌਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਨਾਲ ਕਿਹਾ ਕਿ ਤਿੰਨ ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ।
ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਕੀਤੇ ਗਏ ਰੋਡ ਸ਼ੋਅ 'ਚ ਲੋਕਾਂ ਨੇ ਕੋਈ ਹੁੰਗਾਰਾ ਨਹੀਂ ਦਿੱਤਾ ਅਤੇ ਤਿੰਨ ਹਜ਼ਾਰ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਰੋਡ ਸ਼ੋਅ ਕੀਤਾ ਹੈ। ਉਨ੍ਹਾਂ ਟਿੱਪਣੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਕੇਜਰੀਵਾਲ ਦਾ ਨੌਕਰ ਹੈ, ਪੰਜਾਬ ਦਾ ਮੁੱਖ ਮੰਤਰੀ ਤਾਂ ਕੇਜਰੀਵਾਲ ਹੀ ਬਣ ਗਿਆ।
ਇਸ ਮੌਕੇ ਉਨ੍ਹਾਂ ਅਗਨੀਪਥ ਯੋਜਨਾ ਚ ਨੌਕਰੀ ਕਰਨ ਵਾਲੇ ਨੌਜਵਾਨਾਂ ਨੂੰ ਹਰਿਆਣਾ ਸਰਕਾਰ ਵੱਲੋਂ ਨੌਕਰੀ ਦੀ ਗਾਰੰਟੀ ਦਿੱਤੇ ਜਾਣ ਦੇ ਐਲਾਨ ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਚਾਰ ਸਾਲਾਂ ਲਈ ਕੋਈ ਵੀ ਨੌਜਵਾਨ ਫੌਜ ਵਿੱਚ ਨੌਕਰੀ ਨਹੀਂ ਕਰਨਾ ਚਾਹੁੰਦਾ।
ਇਹ ਵੀ ਪੜੋ:ਪੰਜਾਬ ਦੇ ਦੋ ਸਾਬਕਾ ਮੰਤਰੀਆਂ ਨੂੰ ਹਾਈਕੋਰਟ ਤੋਂ ਝਟਕਾ, ਨਹੀਂ ਮਿਲੀ ਰਾਹਤ
ਚੋਣ ਮੈਦਾਨ 'ਚ ਇਹ ਆਗੂ:ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈਕੇ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ। ਇੰਨ੍ਹਾਂ 'ਚ ਪੰਜ ਉਮੀਦਵਾਰ ਅਜਿਹੇ ਹਨ, ਜਿਨ੍ਹਾਂ ਦੀ ਆਪਸੀ ਟੱਕਰ ਹੋਣ ਦੀ ਸੰਭਾਵਨਾ ਹੈ। ਇਸ 'ਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦਾ ਨਾਮ ਸ਼ਾਮਲ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ , ਕਾਂਗਰਸ ਤੋਂ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਕਮਲਦੀਪ ਕੌਰ ਰਾਜੋਆਣਾ ਅਤੇ ਭਾਜਪਾ ਤੋਂ ਕੇਵਲ ਸਿੰਘ ਢਿੱਲੋਂ ਚੋਣ ਮੈਦਾਨ 'ਚ ਹਨ।
ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ ਵੋਟਿੰਗ:ਸੰਗਰੂਰ ਵਿੱਚ 23 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 13 ਪੁਰਸ਼ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ।