ਬਰਨਾਲਾ: ਸ਼੍ਰੋਮਣੀ ਅਕਾਲੀ ਦਲਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਸਬਾ ਧਨੌਲਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਬੇਅਦਬੀ ਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਉਪਰ ਕਾਂਗਰਸ ਦੇ ਇਸ਼ਾਰਿਆਂ ਉੱਤੇ ਚੱਲਣ ਦਾ ਦੋਸ਼ ਲਗਾਇਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਹਾਜ਼ਰ ਸਨ।
ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਜਾਂਚ ਟੀਮ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ ਪਰ ਇਹ ਜਾਂਚ ਟੀਮ ਹਰ ਰੋਜ਼ ਮੀਡੀਆ ਨੂੰ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ਦਾ ਪੱਖ ਪੂਰ ਰਹੀ ਹੈ। ਕਾਂਗਰਸ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹਦਿਆਂਸੁਖਬੀਰ ਨੇ ਕਿਹਾ ਕਿ ਸੂਬਾ ਸਰਕਾਰ ਹਰ ਮੁਹਾਜ਼ ਤੇ ਫੇਲ੍ਹ ਹੋ ਗਈ ਹੈ ਅਤੇ ਆਪਣੀਆਂ ਕਮੀਆਂ ਨੂੰ ਲੁਕਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰਇਕ ਨਖਿੱਧ ਮੁੱਖ ਮੰਤਰੀ ਦੱਸਿਆ।
ਸਾਬਕਾ ਸੰਸਦ ਮੈਂਬਰ ਸੁਖਦੇਵ ਢੀਂਡਸਾ ਦੀ ਚੁੱਪੀ ਉੱਤੇ ਉਨ੍ਹਾਂ ਕਿਹਾ ਕਿ ਮੀਡੀਆ ਜਾਣ-ਬੁੱਝ ਕੇ ਅਜਿਹੇ ਸਵਾਲ ਕਰਦਾ ਹੈ ਜਦ ਕਿ ਅਜਿਹੀ ਗੱਲ ਨਹੀਂ ਹੈ ਅਤੇ ਉਹ ਸੁਖਦੇਵ ਸਿੰਘ ਢੀਂਡਸਾ ਨੂੰ ਆਪਣੇ ਪਿਤਾ ਸਮਾਨ ਸਮਝਦੇ ਹਨ। ਜਦੋਂ ਸੁਖਬੀਰ ਬਾਦਲ ਨੂੰ ਪੁੱਛਿਆ ਗਿਆ ਕਿ ਉਹ ਵੋਟਾਂ ਲਈ ਕਿਸੇ ਡੇਰੇ ਦਾ ਸਹਿਯੋਗ ਮੰਗਣਗੇ ਤਾਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਅਕਾਲ ਤਖ਼ਤ ਨੂੰ ਸਮਰਪਿਤ ਹੈ।