ਬਰਨਾਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਨੂੰ ਜਿੰਦਰਾ ਲਗਾਉਣ ਵਾਲੇ ਸਤਿਕਾਰ ਕਮੇਟੀ ਆਗੂ ਸੁਖਜੀਤ ਸਿੰਘ ਖੋਸਾ ਬਰਨਾਲਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਇਸੇ ਮਾਮਲੇ ਵਿਚ ਮੁੜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਨੂੰ ਵੰਗਾਰ ਪਾਈ ਹੈ।
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸਤਿਕਾਰ ਕਮੇਟੀ ਆਗੂ ਸੁਖਜੀਤ ਸਿੰਘ ਖੋਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜਥੇਦਾਰ ਬਾਦਲ ਪਰਿਵਾਰ ਦਾ ਬੁਲਾਰੇ ਵਜੋਂ ਬੋਲ ਰਹੇ ਸਨ। ਇਸ ਨਾਲ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੀ ਤਕਰੀਰ ਵਿੱਚ ਐਸਜੀਪੀਸੀ ਦੇ ਦਫ਼ਤਰ ਨੂੰ ਜਿੰਦਰਾ ਲਗਾਉਣ ਵਾਲਿਆਂ ਨੂੰ ਸਬਕ ਸਿਖਾਉਣ ਲਈ ਅਕਾਲੀ ਵਰਕਰਾਂ ਨੂੰ ਤਿਆਰ ਰਹਿਣ ਲਈ ਕਿਹਣ ਵਾਲੇ ਬਿਆਨ ਨੂੰ ਸਮੁੱਚੀ ਸਿੱਖ ਕੌਮ ਵਿੱਚ ਖਾਨਾਜੰਗੀ ਪੈਦਾ ਕਰਨ ਵਾਲ ਕਰਾਰ ਦਿੱਤਾ ਹੈ। ਜਥੇਦਾਰ ਦੇ ਇਸ ਬਿਆਨ ਨੇ ਉਨ੍ਹਾਂ ਨੂੰ ਬਾਦਲ ਪਰਿਵਾਰ ਦਾ ਜਥੇਦਾਰ ਬਣਾ ਦਿੱਤਾ ਹੈ। ਉਨ੍ਹਾਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਚੈਲੇਂਜ ਕਰਦਿਆਂ ਕਿਹਾ ਕਿ 'ਸਿੱਖ ਕੌਮ ਨੂੰ ਲੜਾਉਣ ਦੀ ਥਾਂ ਖ਼ੁਦ ਹਰਪ੍ਰੀਤ ਸਿੰਘ ਮੈਨੂੰ ਰੋਕ ਕੇ ਦਿਖਾਉਣ। ਮੈਂ ਮੁੜ ਜਿੰਦਾ ਲਗਾਉਣ ਆ ਰਿਹਾ ਹਾਂ। ਜੇਕਰ ਹਿੰਮਤ ਹੋਈ ਤਾਂ ਰੋਕ ਕੇ ਦਿਖਾਓ।'