ਬਰਨਾਲਾ : ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਬੇਰੋਜ਼ਗਾਰ ਅਧਿਆਪਕਾਂ ਲਈ ਭੱਦੀ ਸ਼ਬਦਾਵਲੀ ਵਰਤੇ ਜਾਣ ਦੇ ਰੋਸ 'ਚ ਅਧਿਆਪਕ ਜੱਥੇਬੰਦੀਆਂ ਵੱਲੋਂ ਬਰਨਾਲਾ ਦੇ ਡੀਸੀ ਦਫ਼ਤਰ ਸਾਹਮਣੇ ਸਿੱਖਿਆ ਮੰਤਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਸਾੜਿਆ ਅਤੇ ਸੂਬਾ ਸਰਕਾਰ ਕੋਲੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਬੇਰੋਜ਼ਗਾਰ ਅਧਿਆਪਕਾਂ ਲਈ ਮਾੜੀ ਸ਼ਬਦਾਵਲੀ ਵਰਤਣ ਦੇ ਰੋਸ 'ਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡੈਮੋਕ੍ਰੇਟਿਕ ਟੀਚਰ ਫਰੰਟ ਦੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਮੈਨੀਫੈਸਟੋ 'ਚ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ,ਪਰ ਸਰਕਾਰ ਉਸ ਵਾਅਦੇ ਤੋਂ ਮੁੱਕਰ ਚੁੱਕੀ ਹੈ। ਸਰਕਾਰ ਦੀ ਨੀਅਤ 'ਚ ਫਰਕ ਆ ਚੁੱਕਾ ਹੈ । ਉਨ੍ਹਾਂ ਰੋਸ ਪ੍ਰਗਟਾਉਂਦੇ ਕਿਹਾ ਕਿ ਜੇਕਰ ਕੋਈ ਵੀ ਬੇਰੋਜ਼ਗਾਰ ਸਰਕਾਰ ਕੋਲੋਂ ਨੌਕਰੀ ਮੰਗਣ ਲਈ ਜਾਂਦਾ ਹੈ ਤਾਂ ਉਸ ਨੂੰ ਮਾੜੀ ਸ਼ਬਦਾਵਲੀ ਅਤੇ ਲਾਠੀਚਾਰਜ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਚਲਦੇ ਪੰਜਾਬ 'ਚ ਬੇਰੋਜ਼ਗਾਰੀ ਦੀ ਲਾਈਨ ਲੰਬੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ, ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਂਣ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਪ੍ਰਾਈਵੇਟ ਸਕੂਲਾਂ ਨੂੰ ਤਰਜੀਹ ਦੇ ਰਹੀ ਹੈ।