ਬਰਨਾਲਾ :ਬਰਨਾਲਾ ਨਗਰ ਕੌਂਸਲ ਦੇ ਪ੍ਰਧਾਨ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਕਾਂਗਰਸ ਪਾਰਟੀ ਜ਼ਿਲ੍ਹਾ ਬਰਨਾਲਾ ਇਕਾਈ ਨੇ ਅੱਜ ਨਗਰ ਕੌਂਸਲ ਵਿੱਚ ਜ਼ੋਰਦਾਰ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਿਛਲੇ ਡੇਢ ਸਾਲ ਤੋਂ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਦੇ ਬਾਵਜੂਦ ਕਾਂਗਰਸ ਪਾਰਟੀ ਦਾ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਨਗਰ ਕੌਂਸ਼ਲ ਦੀ ਪ੍ਰਧਾਨਗੀ ਉਪਰ ਬਿਰਾਜਮਾਨ ਸਨ, ਜਿਸ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਦੇ ਹੁਕਮਾਂ ਤਹਿਤ ਨੋਟਿਸ ਜਾਰੀ ਕਰਕੇ ਨਗਰ ਕੌਂਸਲ ਪ੍ਰਧਾਨ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ। ਇਸ ਕਾਰਨ ਕਾਂਗਰਸ ਪਾਰਟੀ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਾਂਗਰਸੀਆਂ ਵਲੋਂ ਇਸਨੂੰ ਸਰਕਾਰ ਦੀ ਰੰਜਿਸ਼ ਅਤੇ ਧੱਕੇਸ਼ਾਾਹੀ ਕਰਾਰ ਦਿੱਤਾ ਜਾ ਰਿਹਾ ਹੈ। ਇਸ ਵਿਰੁੱਧ ਕਾਨੂੰਨੀ ਲੜਾਈ ਲੜਨ ਅਤੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ।
ਪੱਤਰ ਜਾਰੀ ਕਰਕੇ ਕੀਤਾ ਅਹੁਦੇ ਤੋਂ ਪਾਸੇ :ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਸਥਾਨਕ ਸਰਕਾਰਾਂ ਵਿਭਾਗ ਵਲੋਂ ਇੱਕ ਪੱਤਰ ਜਾਰੀ ਕਰਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਨੂੰ ਉਹਨਾਂ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਡੇਢ ਸਾਲ ਤੋਂ ਨਗਰ ਕੌਸ਼ਲ ਬਰਨਾਲਾ ਉਪਰ ਕਾਬਜ਼ ਹੋਣਾ ਚਾਹੁੰਦੀ ਹੈ। ਪਰ ਸਰਕਾਰ ਦੀ ਕੋਈ ਪੇਸ਼ ਨਹੀਂ ਚੱਲੀ।