ਪੰਜਾਬ

punjab

ETV Bharat / state

Branala Farmer News : ਹੜ੍ਹ ਪੀੜਤਾਂ ਲਈ ਕਿਸਾਨਾਂ ਨੇ ਸਰਕਾਰ ਖ਼ਿਲਾਫ ਖੋਲ੍ਹਿਆ ਮੋਰਚਾ, ਡੀਸੀ ਦਫ਼ਤਰ ਬਰਨਾਲਾ ਦੇ ਘਿਰਾਓ ਦਾ ਕੀਤਾ ਐਲਾਨ

ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਆਮ ਲੋਕਾਂ ਦੀ ਮਦਦ ਲਈ ਪੰਜਾਬ ਅਤੇ ਕੇਂਦਰ ਸਰਕਾਰ ਦੋਵਾਂ ਨੇ ਹੀ ਬਾਂਹ ਨਹੀਂ ਫੜੀ ਜਿਸ ਦੇ ਚਲਦਿਆਂ ਕਿਸਾਨ ਜੱਥੇਬੰਦੀਆਂ ਵੱਲੋਂ ਕੁੰਭਕਰਨੀ ਨੀਂਦ ਸੁੱਤੇ ਪ੍ਰਸ਼ਾਸਨ ਨੂੰ ਜਗਾਉਣ ਲਈ ਅਤੇ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਰੋਸ ਮੁਜਾਹਰਾ ਕਰਨ ਦਾ ਐਲਾਨ ਕੀਤਾ ਹੈ।

The farmers announced a siege of the government DC office Barnala for the flood victims
Branala Farmer news : ਹੜ੍ਹ ਪੀੜਤਾਂ ਲਈ ਕਿਸਾਨਾਂ ਨੇ ਸਰਕਾਰ ਖ਼ਿਲਾਫ ਖੋਲ੍ਹਿਆ ਮੋਰਚਾ, ਡੀਸੀ ਦਫ਼ਤਰ ਬਰਨਾਲਾ ਦੇ ਘਿਰਾਓ ਦਾ ਕੀਤਾ ਐਲਾਨ

By ETV Bharat Punjabi Team

Published : Sep 15, 2023, 5:59 PM IST

ਬਰਨਾਲਾ:ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਿਸਾਨ ਆਗੂਆਂ ਨੇ ਪਹਿਲ ਕੀਤੀ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਬਰਨਾਲਾ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਬਾਬੂ ਸਿੰਘ ਖੁੱਡੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਬਲਾਕ ਪੱਧਰੀ ਇਸ ਮੀਟਿੰਗ ਵਿੱਚ ਸਾਰੀਆਂ ਪਿੰਡ ਇਕਾਈਆਂ ਦੇ ਪ੍ਰਧਾਨ, ਸਕੱਤਰ ਅਤੇ ਖਜ਼ਾਨਚੀ ਪੂਰੇ ਉਤਸ਼ਾਹ ਨਾਲ ਸ਼ਾਮਿਲ ਹੋਏ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਹੜ੍ਹ ਪੀੜਤਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਰਿਹਾਇਸ਼ਾਂ ਅੱਗੇ ਤਿੰਨ ਰੋਜ਼ਾ ਧਰਨਿਆਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਇਸ ਮੌਕੇ ਭਾਕਿਯੂ ਏਕਤਾ (ਡਕੌਂਦਾ) ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ ਐਸਕੇਐਮ ਦੇ ਸੱਦੇ ਨੂੰ ਲਾਗੂ ਕਰਦਿਆਂ ਭਾਜਪਾ ਦੇ ਆਗੂ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਰਿਹਾਇਸ਼ ਅੱਗੇ ਵਿਸ਼ਾਲ ਤਿੰਨ ਰੋਜ਼ਾ ਧਰਨੇ ਸਬੰਧੀ ਸਮੂਹ ਪਿੰਡ ਇਕਾਈਆਂ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਉੱਤੇ ਤਸੱਲੀ ਪ੍ਰਗਟ ਕੀਤੀ ਗਈ। (Bharatiya Kisan Union Ekta Dakounda)

ਸਰਕਾਰਾਂ ਨੇ ਨਹੀਂ ਫਡ੍ਹੀ ਪੀੜਤਾਂ ਦੀ ਬਾਂਹ: ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਜ਼ਿਲ੍ਹਾ ਆਗੂਆਂ ਸੁਖਵਿੰਦਰ ਸਿੰਘ ਉੱਪਲੀ ਅਤੇ ਰਾਣਾ ਸਿੰਘ ਉੱਪਲੀ ਨੇ ਕਿਹਾ ਕਿ‌ ਕਿਉਂਕਿ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਆਮ ਲੋਕਾਂ ਦੀ ਪੰਜਾਬ ਅਤੇ ਕੇਂਦਰ ਸਰਕਾਰ ਦੋਵਾਂ ਨੇ ਹੀ ਬਾਂਹ ਨਹੀਂ ਫੜੀ, ਉਨ੍ਹਾਂ ਦੇ ਰਹਿਮੋ ਕਰਮ ਤੇ ਛੱਡ ਦਿੱਤਾ ਹੋਇਆ ਹੈ। ਕੁੰਭਕਰਨੀ ਨੀਂਦ ਸੁੱਤੇ ਕੇਂਦਰੀ ਅਤੇ ਸੂਬਾਈ ਹਾਕਮਾਂ ਨੂੰ ਜਗਾਉਣ ਅਤੇ ਮੁਆਵਜ਼ਾ ਹਾਸਲ ਕਰਨ ਲਈ ਇਹ ਵਿਸ਼ਾਲ ਤਿੰਨ ਰੋਜ਼ਾ ਧਰਨੇ ਦੇਕੇ ਮੰਗਾਂ ਮਨਵਾਉਣ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਿਆ ਸੀ। ਹੁਣ ਸੰਘਰਸ਼ ਦੇ ਅਗਲੇ ਪੜਾਅ ਵੱਜੋਂ 22 ਸਤੰਬਰ ਨੂੰ ਡੀਸੀ ਦਫ਼ਤਰ ਬਰਨਾਲਾ ਦੇ ਘਿਰਾਓ ਵਿੱਚ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਦੇ ਕਾਫ਼ਲਿਆਂ ਦੀ ਸ਼ਮੂਲੀਅਤ ਕਰਾਉਣ ਲਈ ਹੁਣੇ ਤੋਂ ਹੀ ਤਿਆਰੀਆਂ ਵਿੱਚ ਜੁਟ ਜਾਣ ਦਾ ਸੱਦਾ ਦਿੱਤਾ। ਜਥੇਬੰਦਕ ਅਦਾਰਿਆਂ ਦੀ ਮਜ਼ਬੂਤੀ ਲਈ ਨਵੇਂ ਸਿਰਿਉਂ ਜੱਥੇਬੰਦਕ ਚੋਣਾਂ ਦੇ ਅਮਲ ਨੂੰ ਤੇਜ਼ ਕਰਕੇ ਪਿੰਡ ਪੱਧਰੀ ਮੈਂਬਰਸ਼ਿਪ ਕਰਨ ਲਈ 20 ਸਤੰਬਰ ਤੱਕ ਦਾ ਸਮਾਂ ਤਹਿ ਕੀਤਾ ਗਿਆ। ਕਈ ਪਿੰਡਾਂ ਨੇ ਮੈਂਬਰਸ਼ਿਪ ਕੱਟਕੇ ਜਮ੍ਹਾਂ ਕਰਵਾ ਦਿੱਤੀ ਹੈ, ਬਾਕੀ ਰਹਿੰਦੀਆਂ ਪਿੰਡ ਇਕਾਈਆਂ ਨੂੰ ਮੈਂਬਰਸ਼ਿਪ ਜਲਦ ਪੂਰੀ ਕਰਨ ਦੀ ਹਦਾਇਤ ਕੀਤੀ ਗਈ। (Dharna of farmers in front of DC office Barnala)

ਡੈਲੀਗੇਟ ਇਜਲਾਸ ਕਰਕੇ ਨਵੀਂ ਬਲਾਕ ਕਮੇਟੀ ਦੀ ਚੋਣ ਕੀਤੀ ਜਾਵੇਗੀ:ਇਸ ਦੇ ਨਾਲ ਹੀ ਕਿਸਾਨ ਆਗੁਆਂ ਨੇ ਐਲਾਨ ਕੀਤਾ ਹੈ ਕਿ 30 ਸਤੰਬਰ ਤੱਕ ਮੈਂਬਰਸ਼ਿਪ ਦੇ ਅਧਾਰ 'ਤੇ ਬਲਾਕ ਬਰਨਾਲਾ ਦਾ ਡੈਲੀਗੇਟ ਇਜਲਾਸ ਕਰਕੇ ਨਵੀਂ ਬਲਾਕ ਕਮੇਟੀ ਦੀ ਚੋਣ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਕੁਲਵੰਤ ਸਿੰਘ ਹੰਢਿਆਇਆ,ਹਰਪਾਲ ਸਿੰਘ ਹੰਢਿਆਇਆ, ਗੋਪਾਲ ਕ੍ਰਿਸ਼ਨ ਹਮੀਦੀ,ਰਾਜ ਸਿੰਘ ਹਮੀਦੀ, ਜਰਨੈਲ ਸਿੰਘ ਖੁੱਡੀਕਲਾਂ,ਬਲਵੰਤ ਸਿੰਘ ਠੀਕਰੀਵਾਲਾ, ਕੁਲਦੀਪ ਸਿੰਘ ਧੌਲਾ,ਮੱਖਣ ਸਿੰਘ, ਜੀਤ ਸਿੰਘ,ਜਗਦੇਵ ਸਿੰਘ ਖੁੱਡੀਕਲਾਂ, ਸਤਨਾਮ ਸਿੰਘ, ਗੁਰਮੀਤ ਸਿੰਘ ਬਰਨਾਲਾ,ਅਮਨਦੀਪ ਸਿੰਘ ,ਅਵਤਾਰ ਸਿੰਘ,ਮਨਜੀਤ ਸਿੰਘ ਕੋਠੇ ਰਾਮਸਰ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਲਈ 5000 ਰੁ.ਪ੍ਰਤੀ ਏਕੜ ਵਿਸ਼ੇਸ਼ ਪੈਕੇਜ ਦੇਣ ਦੀ ਥਾਂ ਜਾਬਰ ਹੱਥ ਕੰਡੇ ਅਪਨਾਉਣ ਦੇ ਐਲਾਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ । ਕਿਸਾਨਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਅਜਿਹੇ ਜਾਬਰ ਹੱਥ ਕੰਡੇ ਅਪਨਾਉਣ ਤੋਂ ਬਾਜ ਆਵੇ ਨਹੀਂ ਤਾਂ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

ABOUT THE AUTHOR

...view details