ਬਰਨਾਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਂਵਾਂ ਦੇ ਹੱਲ ਪਿੰਡਾਂ ਵਿੱਚ ਪਹੁੰਚ ਕੇ ਕੀਤੇ ਜਾਣ ਦੇ ਦਾਅਵੇ ਕੀਤੇ ਗਏ ਸਨ। ਜਿਸ ਦੀ ਬਰਨਾਲਾ ਜ਼ਿਲ੍ਹੇ ਵਿੱਚ ਸ਼ੁਰੂਆਤ ਕੀਤੀ ਗਈ ਹੈ। ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਤਹਿਤ ਬਰਨਾਲਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਸ ਤਹਿਤ ਅੱਜ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਿੰਡ ਧੌਲਾ ਵਿਚ ਲੋਕ ਮੁਸ਼ਕਿਲਾਂ ਦੀ ਸੁਣਵਾਈ ਲਈ ਕੈਂਪ ਲਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।
ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਕੀਤੇ ਹੱਲ: ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਰਨਾਲਾ ਦੀ ਡਿਪਟੀ ਕਮਿਸ਼ਨਰ ਪੂਨਮ ਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਧੌਲਾ ਵਿੱਚ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਵਿਭਾਗਾਂ ਨੂੰ ਨਾਲ ਲੈ ਕੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਉਹਨਾਂ ਦਾ ਹੱਲ ਕੀਤਾ ਗਿਆ ਹੈ।
ਹਰ ਹਫਤੇ ਲੱਗਣਗੇ ਕੈਂਪ:ਜ਼ਿਲ੍ਹਾ ਬਰਨਾਲਾ ਵਿੱਚ ਹਰੇਕ ਹਫਤੇ ਇਹ ਕੈਂਪ ਲਾਇਆ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਹੈ। ਉਨ੍ਹਾਂ ਕੈਂਪ ’ਚ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ। ਜਦਕਿ ਐੱਸ.ਐੱਸ.ਪੀ ਬਰਨਾਲਾ ਨੇ ਕਿਹਾ ਕਿ ਸ਼ਿਕਾਇਤਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਬਰਨਾਲਾ ਪੁਲਿਸ ਵੱਲੋਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਆਪ ਦਾ ਦੁਆਰ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਐੱਸਐੱਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਕੈਂਪ ਵਿੱਚ ਪੁਲਿਸ ਵਿਭਾਗ ਦੀਆਂ ਸੇਵਾਵਾਂ ਬਾਰੇ, ਸਾਂਝ ਕੇਂਦਰ ਆਦਿ ਬਾਰੇ ਹੈਲਪ ਡੈਸਕ ਲਾਏ ਗਏ ਹਨ, ਜਿਨ੍ਹਾਂ ਦਾ ਲੋਕ ਵੱਧ ਤੋਂ ਵੱਧ ਲਾਹਾ ਲੈਣ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਦੱਸਿਆ।