ਬਰਨਾਲਾ :ਰੁਜ਼ਗਾਰ ਪ੍ਰਾਪਤੀ ਨੂੰ ਲੈ ਕੇ ਲਗਾਤਾਰ ਪੰਜਾਬ ਦੇ ਬੇਰੁਜ਼ਗਾਰ ਸੰਘਰਸ਼ ਕਰਦੇ ਆ ਰਹੇ ਹਨ। ਜਿਸ ਨੂੰ ਲੈ ਕੇ ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਵਿੱਚ ਲਗਾਤਾਰ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਦਾ ਪੱਕਾ ਮੋਰਚਾ ਲੱਗਿਆ ਹੋਇਆ ਹੈ। ਇਸੇ ਸੰਘਰਸ਼ ਨੂੰ ਲੈ ਕੇ ਹੁਣ ਬੇਰੁਜ਼ਗਾਰਾਂ ਵੱਲੋਂ 15 ਅਗਸਤ ਸਬੰਧੀ ਵੱਡਾ ਐਲਾਨ ਕਰਦਿਆਂ ਇਸ ਦਿਨ ਨੂੰ ਕਾਲੀ ਅਜ਼ਾਦੀ ਦੇ ਤੌਰ 'ਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ।
ਇਸ ਇਸ ਸਬੰਧ ਵਿਚ ਗੱਲਬਾਤ ਕਰਦਿਆਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ 220 ਦਿਨਾਂ ਤੋਂ ਲਗਾਤਾਰ ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੱਕਾ ਮੋਰਚਾ ਲੱਗਿਆ ਹੋਇਆ ਹੈ। ਪੰਜਾਬ ਭਰ ਵਿਚ ਸਿੱਖਿਆ ਅਤੇ ਸਿਹਤ ਮੰਤਰੀ ਦਾ ਜਿੱਥੇ ਵੀ ਕੋਈ ਸਮਾਗਮ ਹੁੰਦਾ ਹੈ ਉੱਥੇ ਬੇਰੁਜ਼ਗਾਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਸਦੇ ਨਾਲ ਹੀ ਸਿੱਖਿਆ ਮੰਤਰੀ ਦੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਬੇਰੁਜ਼ਗਾਰਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਤੋਂ ਪਿੱਛੇ ਹਟੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ 15 ਅਗਸਤ ਨੂੰ ਜਿੱਥੇ ਦੇਸ਼ ਭਰ ਵਿੱਚ ਅਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਇਸ ਦਿਨ ਨੂੰ ਪੂਰੇ ਪੰਜਾਬ ਦੇ ਬੇਰੁਜ਼ਗਾਰ ਕਾਲੀ ਆਜ਼ਾਦੀ ਦੇ ਤੌਰ 'ਤੇ ਮਨਾਉਣਗੇ। ਕਿਉਂਕਿ ਇਹ ਆਜ਼ਾਦੀ ਸਿਰਫ਼ ਕਾਰਪੋਰੇਟ ਘਰਾਣਿਆਂ ਦੀ ਆਜ਼ਾਦੀ ਹੈ ਨਾ ਕਿ ਆਮ ਲੋਕਾਂ ਦੀ ਆਜ਼ਾਦੀ ਹੈ।