ਬਰਨਾਲਾ: ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦਰਮਿਆਨ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਪੁਲਿਸ ਦਰਮਿਆਨ ਜੰਮ ਕੇ ਖਿੱਚਧੂਹ ਹੋਈ। ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਡੀਸੀ ਕੰਪਲੈਕਸ ਤੋਂ ਲੈ ਕੇ ਇੱਕ ਰੋਸ ਮਾਰਚ ਕੱਢਿਆ ਗਿਆ ਸੀ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਉਹਨਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ ਹੈ। ਉਹਨਾਂ ਕਿਹਾ ਕਿ ਉਹ ਸਿੱਖਿਆ ਵਿਭਾਗ ਵਿੱਚ ਪੰਜਾਬੀ, ਹਿੰਦੀ ਅਤੇ ਐਸਐਸਟੀ ਵਿਸ਼ੇ ਦੀਆਂ 9 ਹਜ਼ਾਰ ਪੋਸਟਾਂ ਭਰਨ ਦੀ ਮੰਗ ਕਰ ਰਹੇ ਹਾਂ, ਪਰ ਸਰਕਾਰ ਨੇ ਸਿਰਫ਼ 1400 ਪੋਸਟਾਂ ਕੱਢੀਆਂ ਹਨ। ਜਿਸ ਕਰਕੇ ਉਹ ਬੀਐੱਡ ਅਤੇ ਟੈੱਟ ਵਰਗੇ ਟੈਸਟ ਪਾਸ ਕਰ ਚੁੱਕੇ ਹਨ ਅਤੇ ਬੇਰੁਜ਼ਗਾਰ ਘੁੰਮ ਰਹੇ ਹਨ।