ਬਰਨਾਲਾ:ਸੰਗਰੂਰ ਤੋਂ ਭਾਜਪਾ ਵੱਲੋਂ ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਬਰਨਾਲਾ ਘਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਬਰਨਾਲਾ ਪੁੱਜੇ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਪੰਜਾਬ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਘੇਰਿਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕੇਂਦਰੀ ਰਾਜਮੰਤਰੀ ਸੋਮਪ੍ਰਕਾਸ਼ ਨੇ ਕਿਹਾ ਭਾਜਪਾ ਕੇਂਦਰੀ ਕਮੇਟੀ ਵੱਲੋਂ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਲੋਕਸਭਾ ਉਪ ਚੋਣ ਲਈ ਉਮੀਦਵਾਰ ਦੇ ਰੂਪ ਵਿੱਚ ਚੁਣਿਆ ਹੈ ਅਤੇ ਕੇਵਲ ਸਿੰਘ ਢਿੱਲੋਂ ਇੱਕ ਇਮਾਨਦਾਰ ਰਾਜਨੇਤਾ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਸੰਗਰੂਰ ਲੋਕ ਸਭਾ ਚੋਣ ਕੇਵਲ ਸਿੰਘ ਢਿੱਲੋਂ ਵੱਡੇ ਅੰਤਰ ਦੇ ਨਾਲ ਜਿੱਤਣਗੇ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਢੀਂਡਸਾ ਦਾ ਉਨ੍ਹਾਂ ਦੇ ਨਾਲ ਗੱਠਜੋੜ ਹੈ ਅਤੇ ਉਹ ਉਨ੍ਹਾਂ ਦੇ ਨਾਲ ਚੱਲ ਰਹੇ ਹਨ। ਉਥੇ ਹੀ ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਢਾਈ ਮਹੀਨੇ ਪੁਰਾਣੀ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਕਨੂੰਨ ਵਿਵਸਥਾ ਬਣਾਏ ਰੱਖਣ ਵਿੱਚ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਪੰਜਾਬ ਵਿੱਚ ਹੋ ਰਹੇ ਕਤਲ, ਲੁੱਟ-ਖਸੁੱਟ, ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਭਗਵੰਤ ਮਾਨ ਦੀ ਸਰਕਾਰ ਲੁਟੇਰਿਆਂ ਅਤੇ ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਅਸਫਲ ਸਾਬਤ ਹੋਈ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਢਾਈ ਮਹੀਨਿਆਂ ਦੀ ਆਮ ਆਦਮੀ ਪਾਰਟੀ ਦੇ ਕਾਰਜਕਾਲ ਤੋਂ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹੈ ਅਤੇ ਇਸ ਕਾਰਨ ਸੰਗਰੂਰ ਲੋਕਸਭਾ ਉਪ ਚੋਣ ਭਾਰਤੀ ਜਨਤਾ ਪਾਰਟੀ ਵੱਡੇ ਅੰਤਰ ਦੇ ਨਾਲ ਜਿਤੇਗੀ। ਉਥੇ ਹੀ ਉਨ੍ਹਾਂ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਕਤਲ ਕਾਂਡ ਉੱਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਕਿਸੇ ਵੀ ਕੇਂਦਰੀ ਜਾਂਚ ਏਜੰਸੀ ਤੋਂ ਸਿੱਧੂ ਮੂਸੇ ਵਾਲਾ ਕਤਲ ਕਾਂਡ ਦੀ ਜਾਂਚ ਕਰਵਾਉਣ ਲਈ ਤਿਆਰ ਹੈ, ਬਸ਼ਰਤੇ ਇਸਦੇ ਲਈ ਪੰਜਾਬ ਸਰਕਾਰ ਕੇਂਦਰ ਦੇ ਨਾਲ ਗੱਲਬਾਤ ਕਰੇ।