ਬਰਨਾਲਾ: ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੀਟੂ ਦੀ ਅਗਵਾਈ 'ਚ ਆਂਗਣਵਾੜੀ, ਆਸ਼ਾ ਅਤੇ ਮਿਡ ਡੇ ਮੀਲ ਵਰਕਰ ਯੂਨੀਅਨ ਸਮੇਤ ਚੌਕੀਦਾਰ ਯੂਨੀਅਨ ਵੱਲੋਂ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਮੰਗਾਂ ਪੂਰੀਆਂ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸੀਟੂ ਦੇ ਸੂਬਾ ਆਗੂ ਸ਼ੇਰ ਸਿੰਘ ਫਰਵਾਹੀ ਨੇ ਕਿਹਾ ਕਿ ਅੱਜ ਸੀਟੂ ਦੀ ਅਗਵਾਈ ਵਿੱਚ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੀਆਂ ਆਂਗਣਵਾੜੀ, ਆਸ਼ਾ, ਮਿਡ ਡੇ ਮੀਲ ਵਰਕਰਾਂ ਅਤੇ ਚੌਕੀਦਾਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਉਨ੍ਹਾਂ ਦੇ ਹੱਕੀ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ।
ਉਥੇ ਇਸ ਮੌਕੇ ਮਿਡ ਡੇ ਮੀਲ ਵਰਕਰ ਯੂਨੀਅਨ ਦੀ ਆਗੂ ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਦੀ ਸਭ ਤੋਂ ਵੱਡੀ ਮੰਗ ਪ੍ਰੀ ਪ੍ਰਾਇਮਰੀ ਕਲਾਸਾਂ ਖ਼ਤਮ ਕਰਕੇ ਮੁੜ ਆਂਗਣਵਾੜੀ ਵਿੱਚ ਬੱਚਿਆਂ ਨੂੰ ਭੇਜਿਆ ਜਾਣਾ ਚਾਹੀਦਾ ਹੈ। ਜਿਸ ਨੂੰ ਲੈ ਕੇ ਉਨ੍ਹਾਂ ਦਾ ਸੰਘਰਸ਼ ਜਾਰੀ ਹੈ।