ਬਰਨਾਲਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਹੋਏ ਕਥਿਤ ਘਪਲੇ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਹਰ ਦਿਨ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਲੈ ਕੇ ਵਿਰੋਧ ਪ੍ਰਦਸ਼ਨ ਕਰ ਰਹੀਆਂ ਹਨ। ਉੱਥੇ ਹੀ ਅੱਜ ਸ਼੍ਰੋਮਣੀ ਯੂਥ ਅਕਾਲੀ ਦਲ ਵੱਲੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ।
ਸਕਾਲਰਸ਼ਿਪ ਘੁਟਾਲਾ: ਯੂਥ ਅਕਾਲੀ ਦਲ ਨੇ ਮੰਤਰੀ ਧਰਮਸੋਤ ਦੇ ਵਿਰੁੱਧ ਕੀਤਾ ਪ੍ਰਦਰਸ਼ਨ - ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ
ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਵਿੱਚ ਘਪਲੇਬਾਜ਼ੀ ਨੂੰ ਲੈ ਕੇ ਸ਼੍ਰੋਮਣੀ ਯੂਥ ਅਕਾਲੀ ਦਲ ਵੱਲੋਂ ਬਰਨਾਲਾ 'ਚ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਆਗੂ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਅਤੇ ਮੱਖਣ ਸਿੰਘ ਧਨੌਲਾ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਕਾਂਗਰਸ ਸਰਕਾਰ ਆਈ ਹੈ, ਦਿਨੋਂ ਦਿਨ ਘਪਲੇ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਵਿੱਚ ਰਾਸ਼ਨ ਘੁਟਾਲਾ ਵੀ ਸਾਹਮਣੇ ਆ ਚੁੱਕਿਆ ਹੈ। ਹੁਣ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਗਰੀਬ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਦੇ ਵਜ਼ੀਫੇ ਦਾ ਘਪਲਾ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਅਤੇ ਕੈਬਿਨੇਟ ਮੰਤਰੀ ਪੰਜਾਬ ਦੇ ਗਰੀਬ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਸਾਧੂ ਸਿੰਘ ਧਰਮਸੋਤ ਨੂੰ ਕੈਬਿਨੇਟ ਵਿੱਚੋਂ ਬਰਖਾਸਤ ਕਰਕੇ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।