ਚੰਡੀਗੜ੍ਹ: ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਐਲਾਨ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਖ਼ਾਸ ਕਰ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਨਿਸ਼ਾਨਾ ਬਣਾਇਆ ਸੀ। ਹੁਣ ਸੂਬਾ ਸਰਕਾਰ ਨੇ ਇਸ ਨੂੰ ਢਾਹੁਣ ਲਈ 132 ਕਰੋੜ ਦਾ ਠੇਕਾ ਦੇਣ ਦੀ ਗੱਲ ਆਖੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਜਮ ਕੇ ਨਿਸ਼ਾਨੇ ਸਾਧੇ ਹਨ।
ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਇਸ ਤੋਂ ਬਿਜਲੀ ਮਹਿੰਗੀ ਪੈਂਦੀ ਹੈ ਤਾਂ ਕਰਕੇ ਬੰਦ ਕਰ ਰਹੇ ਹਾਂ, ਪਰ ਇੰਜੀਨੀਅਰਾਂ ਦਾ ਕਹਿਣਾ ਹੈ ਕਿ ਜੇ ਇਸ ਨੂੰ ਪੂਰੀ ਸਮਰੱਥਾ ਨਾਲ ਚਲਾਇਆ ਜਾਵੇ ਤਾਂ ਇਸ ਤੋਂ ਬਿਜਲੀ ਸਸਤੇ ਰੇਟਾਂ ਵਿੱਚ ਪੈਦਾ ਹੋ ਜਾਵੇਗੀ ਜਿਸ ਨੂੰ ਸਰਕਾਰ ਪ੍ਰਾਈਵੇਟਾਂ ਪਲਾਂਟਾਂ ਤੋਂ ਮਹਿੰਗੇ ਰੇਟਾਂ 'ਤੇ ਲੈਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਇਸ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਹੈ।
ਬਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਇਸ ਤੋਂ ਇਲਾਵਾ ਹਲਕਾ ਬਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਜੇ ਇਸ ਨੂੰ ਢਾਹੁਣਾ ਹੀ ਸੀ ਤਾਂ ਫਿਰ ਪਹਿਲਾਂ 700 ਕਰੋੜ ਤੋਂ ਜ਼ਿਆਦਾ ਰੁਪਇਆ ਲਾ ਕੇ ਇਸ ਨੂੰ ਮੁੜ ਨਿਰਮਾਣ ਕਰਨ ਦੀ ਕੀ ਲੋੜ ਸੀ।
ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਵੀ ਆਪਣੇ ਬਿਆਨ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਇਸ ਦਾ ਮੁੜ ਨਿਰਮਾਣ ਕੀਤਾ ਗਿਆ ਸੀ ਤਾਂ ਉਦੋਂ ਕਿਹਾ ਗਿਆ ਸੀ ਕਿ ਇਸ ਦੀ ਮਿਆਦ 2029 ਤੱਕ ਹੈ ਪਰ ਹੁਣ ਉਹ ਮਿਆਦ ਕਿੱਥੇ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਸਰਕਾਰ ਪੰਜਾਬ ਦੀ ਸਰਕਾਰੀ ਜ਼ਮੀਨ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਵਿੱਚ ਦੇ ਰਹੀ ਹੈ।
ਜ਼ਿਕਰ ਕਰ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਨੀਂਹ ਪੱਥਰ ਰੱਖ ਕੇ ਬਣਾਏ ਗਏ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਢਾਹੁਣ ਦਾ ਫ਼ੈਸਲਾ ਮੌਕੇ ਦੀ ਸਰਕਾਰ ਨੇ ਸੁਣਾ ਦਿੱਤਾ ਹੈ। ਇਸ ਦਾ ਲਗਾਤਰ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਹੋਰ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਸਰਕਾਰ ਇਸ ਨੂੰ ਢਾਹੁਣ ਦੀ ਬਜਾਏ ਥੋੜੇ ਜਿਹੇ ਪੈਸੇ ਹੋਰ ਖ਼ਰਚ ਕੇ ਇਸ ਨੂੰ ਬਾਇਓ ਪਲਾਂਟ ਬਣਾ ਸਕਦੀ ਹੈ ਜਿਸ ਨਾਲ ਇਲਾਕੇ ਦੇ ਲੋਕਾਂ ਦੀ ਪਰਾਲੀ ਦੀ ਸਮੱਸਿਆ ਦਾ ਵੀ ਹੱਲ ਹੋ ਜਾਵੇਗਾ।