ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਸਬੰਧੀ ਅਦਾਲਤ ਵਿੱਚ ਚੱਲ ਰਹੇ ਕੇਸਾਂ ਸਬੰਧੀ ਬਣੀ ਸਿੱਟ ਉੱਤੇ ਪਿਛਲੇ ਦਿਨੀਂ ਸਾਬਕਾ ਆਈਪੀਐਸ ਅਧਿਕਾਰੀ ਅਤੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੇ ਹੀ ਸਰਕਾਰ ਉੱਤੇ ਕਈ ਤਰ੍ਹਾਂ ਸਵਾਲ ਉਠਾਏ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਦੇ ਹੋਏ ਕਿਹਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਬਣਾਈ ਸਿੱਟ ਵੱਲੋਂ ਗਵਾਹਾਂ ਉੱਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਹੋਰ ਵੀ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਗਏ ਸਨ।
'ਕੁੰਵਰ ਵਿਜੇ ਪ੍ਰਤਾਪ ਵੱਲੋਂ ਪੰਜਾਬੀਆਂ ਨੂੰ ਕੀਤਾ ਜਾ ਰਿਹਾ ਗੁੰਮਰਾਹ':ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇਸ ਕਾਰਵਾਈ ਉੱਤੇ ਸਖ਼ਤ ਪ੍ਰਤੀਕ੍ਰਿਆ ਦਿੰਦੇ ਹੋਏ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਹਨ, ਨੇ ਕਿਹਾ ਕਿ ਜਿਸ ਢੰਗ ਨਾਲ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਭਗਵੰਤ ਮਾਨ ਸਰਕਾਰ ਅਤੇ ਮੌਜੂਦਾ ਬਣਾਈ ਗਈ ਸਿੱਟ ਉੱਤੇ ਸਵਾਲ ਖੜੇ ਕੀਤੇ ਗਏ ਹਨ, ਉਹ ਸਰਾਸਰ ਗਲਤ ਹਨ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਕਿਉਂਕਿ ਇਹਨਾਂ ਕੇਸਾਂ ਵਿਚਲੇ ਗਵਾਹਾਂ ਨੂੰ ਕੋਈ ਡਰਾ ਧਮਕਾ ਨਹੀਂ ਰਿਹਾ, ਉਲਟਾ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅਦਾਲਤਾਂ ਵਿੱਚ ਅਰਜ਼ੀਆਂ ਦਾਇਰ ਕਰਕੇ ਹਿੱਸਾ ਬਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
'ਕੁੰਵਰ ਵਿਜੇ ਪ੍ਰਤਾਪ ਇਹਨਾਂ ਕੇਸਾਂ ਦਾ ਹਿੱਸਾ ਬਣਨ ਦੀ ਕੋਸ਼ਿਸ਼':ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਕਿਸ ਹੈਸੀਅਤ ਨਾਲ ਇਹਨਾਂ ਕੇਸਾਂ ਦਾ ਹਿੱਸਾ ਬਣਨਾ ਚਾਹੁੰਦੇ ਹਨ, ਕਿਉਂਕਿ ਉਹ ਮੌਜੂਦਾ ਸਮੇਂ ਪੰਜਾਬ ਸਰਕਾਰ ਦਾ ਹਿੱਸਾ ਹਨ ਅਤੇ ਨਾ ਤਾਂ ਉਹ ਇਹਨਾਂ ਕੇਸਾਂ ਦੀ ਪੈਰਵਾਈ ਕਰ ਰਹੇ ਹਨ ਨਾਂ ਉਹ ਜਾਂਚ ਅਧਿਕਾਰੀ ਰਹੇ ਹਨ। ਉਲਟਾ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਉਨਾਂ ਗਵਾਹਾਂ ਦੇ ਬਿਆਨ ਦਰਜ ਕਰਨ ਦੀ ਅਪੀਲ ਕੀਤੀ ਸੀ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਮੁੱਖ ਗਵਾਹ ਹਨ, ਕਿਉਂਕਿ ਇਹਨਾਂ ਗਵਾਹਾਂ ਵੱਲੋਂ 156 C ਆਰ.ਪੀ ਸੀ ਤਹਿਤ ਅਰਜ਼ੀ ਦਿੱਤੀ ਗਈ ਕਿ ਉਨਾਂ ਦੇ ਬਿਆਨ ਮੁੜ ਤੋਂ ਦਰਜ ਕੀਤੇ ਜਾਣ ਤੇ ਇਸ ਵਿੱਚ ਕੁੰਵਰ ਵਿਜੇ ਪ੍ਰਤਾਪ ਨੂੰ ਕੀ ਇਤਰਾਜ਼ ਹੈ ਕਿ ਉਹ ਮੁੜ ਬਿਆਨ ਦਰਜ ਉੱਤੇ ਇਤਰਾਜ਼ ਜਾਹਿਰ ਕਰ ਰਿਹਾ ਹੈ।