ਬਠਿੰਡਾ:ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਬਠਿੰਡਾ ਵਿੱਚ ਨਵੇਂ ਜਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾਂ ਦੇ ਜ਼ੁੰਮੇਵਾਰੀ ਸੰਭਾਲ ਸਮਾਰੋਹ ਵਿੱਚ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਅਸ਼ਵਨੀ ਸ਼ਰਮਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾਜਨਕ ਹਨ। ਪੰਜਾਬ ਵਿੱਚ ਕਿਸੇ ਨੂੰ ਕਾਨੂੰਨ ਦਾ ਡਰ ਨਹੀਂ ਰਿਹਾ ਹੈ।
ਸੂਬਾ ਸਰਕਾਰ ਉੱਤੇ ਚੁੱਕੇ ਸਵਾਲ:ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲਾਤ ਦਿਨੋਂ ਦਿਨ ਖਰਾਬ ਹੋ ਰਹੇ ਹਨ। ਪਰ ਪੰਜਾਬ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦੀ ਫਸਲ ਖ਼ਰਾਬ ਹੋਣ ਉੱਤੇ 50 ਹਜ਼ਾਰ ਰੁਪਏ ਪ੍ਰਤੀ ਏਕੜ ਹਜ਼ਾਰ ਮੁਆਵਜ਼ੇ ਤੋ ਇਲਾਵਾ ਖੇਤ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ, ਪਰ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਨਾ ਹੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ ਤੇ ਨਾ ਹੀ ਉਹਨਾਂ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨ ਨਾ ਦੇਣ ਕਾਰਨ ਕੇਂਦਰ ਦਾ ਮੈਗਾ ਟੈਕਸਟਾਈਲ ਪਾਰਕ ਪ੍ਰਾਜੈਕਟ ਪੰਜਾਬ ਵਿੱਚ ਨਾ ਲੱਗਣ ਕਾਰਨ ਸੂਬੇ ਨੂੰ ਰੁਜ਼ਗਾਰ ਤੇ ਆਰਥਿਕ ਪੱਖੋਂ ਵੱਡਾ ਨੁਕਸਾਨ ਹੋਵੇਗਾ।