ਜਖਮੀ ਪੁਲਿਸ ਮੁਲਾਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਹਰਿਸਤ ਗੋਇਲ ਅਤੇ ਪੁਲਿਸ ਜਾਂਚ ਅਧਿਕਾਰੀ। ਬਠਿੰਡਾ :ਬਠਿੰਡਾ ਵਿੱਚ ਨਸ਼ਾ ਤਸਕਰਾਂ ਨੂੰ ਫੜਨ ਗਈ ਸੀਆਈਏ ਸਟਾਫ ਦੀ ਟੀਮ ਉੱਤੇ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਇਸ ਦੌਰਾਨ ਦੋ ਪੁਲਿਸ ਕਰਮਚਾਰੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਪੁਲਿਸ ਨੇ ਤਿੰਨ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਤੇਜ਼ਧਾਰ ਹਥਿਆਰਾਂ ਨਾਲ ਹਮਲਾ :ਜ਼ਿਕਰਯੋਗ ਹੈ ਕਿ ਸੀਆਈਏ ਸਟਾਫ਼ ਵੱਲੋਂ ਬੀਤੀ ਦੇਰ ਰਾਤ ਧੋਬੀਆਣਾ ਬਸਤੀ ਵਿੱਚ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਵਾਹਨ ਸਵਾਰ ਮੁਲਜ਼ਮ ਅਨਰਜਿਤ, ਕਮਲ, ਸ਼ੰਕਰ ਦਾਸ, ਸ਼ੀਲਾ ਦੇਵੀ, ਪੂਜਾ ਦੇਵੀ ਅਤੇ ਰਾਹੁਲ ਸਮੇਤ ਅਣਪਛਾਤੇ ਲੋਕਾਂ ਨੇ ਪੁਲਿਸ ਪਾਰਟੀ 'ਤੇ ਤੇਜ਼ਧਾਰ ਹਥਿਆਰਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਸੀਆਈਏ ਇੰਸਪੈਕਟਰ ਕਰਨਵੀਰ ਸਿੰਘ ਅਤੇ ਪੁਲਿਸ ਮੁਲਾਜ਼ਮ ਬਲਵਿੰਦਰ ਸਿੰਘ ਜ਼ਖ਼ਮੀ ਹੋ ਗਏ। ਇਨ੍ਹਾਂ ਦੋਵਾਂ ਨੂੰ ਸਾਥੀ ਮੁਲਾਜਮਾਂ ਨੇ ਹਸਪਤਾਲ ਦਾਖਿਲ ਕਰਵਾਇਆ ਹੈ।
ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਤੈਨਾਤ ਡਾਕਟਰ ਹਰਿਸਤ ਗੋਇਲ ਨੇ ਦੱਸਿਆ ਕਿ ਦੋ ਜਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਇੱਕ ਮੁਲਾਜ਼ਮ ਦੇ ਸਿਰ ਅਤੇ ਦੂਸਰੇ ਦੀ ਪਿੱਠ ਉੱਤੇ ਸੱਟਾਂ ਲੱਗੀਆਂ ਹੋਈਆਂ ਸਨ। ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਦੂਜੇ ਪਾਸੇ ਘਟਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਪੁਲਿਸ ਨੇ ਜ਼ਖਮੀ ਇੰਸਪੈਕਟਰ ਕਰਨਵੀਰ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਸਾਰੇ ਮੁਲਜ਼ਮ ਨਸ਼ੇ ਦੀ ਤਸਕਰੀ ਕਰਦੇ ਸਨ। ਇਸ ਕਾਰਨ ਪੁਲਿਸ ਨੇ ਇੱਕ ਸੂਚਨਾ ਦੇ ਆਧਾਰ 'ਤੇ ਮੁਲਜ਼ਮਾਂ ਨੂੰ ਫੜਨ ਲਈ ਨਾਕੇ ਲਾ ਕੇ ਜਾਂਚ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਉੱਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਭਾਲ ਕੀਤੀ ਜਾ ਰਹੀ ਹੈ।