ਪੁਲਿਸ ਨੇ ਸ਼ੱਕੀਆਂ ਕੋਲੋਂ ਪੁੱਛਗਿੱਛ ਲਈ ਫੌਜ ਅਫ਼ਸਰਾਂ ਨੂੰ ਲਿੱਖਿਆ ਪੱਤਰ ਬਠਿੰਡਾ:ਮਿਲਟਰੀ ਸਟੇਸ਼ਨ ਅੰਦਰ ਹੋਈ ਗੋਲੀਬਾਰੀ ਦੌਰਾਨ ਮਾਰੇ ਗਏ ਚਾਰ ਫੌਜੀ ਜਵਾਨਾਂ ਦੇ ਮਾਮਲੇ ਵਿੱਚ ਪੁਲਿਸ ਨੇ ਸ਼ੱਕੀ ਲੋਕਾਂ (ਫੌਜ ਵਿੱਚ ਤੈਨਾਤ) ਦੀ ਪੁੱਛਗਿੱਛ ਲਈ ਆਰਮੀ ਅਫ਼ਸਰਾਂ ਨੂੰ ਪੱਤਰ ਭੇਜਿਆ ਹੈ। ਜਾਂਚ ਲਈ ਦਿੱਲੀ ਤੋਂ ਟੀਮ ਆਉਣ ਸਬੰਧੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਮਾਮਲੇ ਦੀ ਜਾਂਚ ਐਸਐਚਓ ਕੈਂਟ ਮਿਲਟਰੀ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਪੱਧਰ ਉੱਤੇ ਕੀਤੀ ਜਾ ਰਹੀ ਹੈ।
ਮਾਮਲੇ ਵਿੱਚ ਇਕ ਵੀ ਗ੍ਰਿਫਤਾਰੀ ਨਹੀਂ:ਬੀਤੀ 12 ਅਪ੍ਰੈਲ ਨੂੰ, ਬਠਿੰਡਾ ਦੇ ਮਿਲਟਰੀ ਸਟੇਸ਼ਨ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਚਾਰ ਫੌਜੀ ਜਵਾਨਾਂ ਦੇ ਮਾਮਲੇ ਦੀ ਜਾਂਚ ਜਾਰੀ ਹੈ। ਹਾਲਾਂਕਿ ਫੌਜ ਅਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ ਉੱਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਪਰ ਅਜੇ ਤੱਕ ਇਸ ਮਾਮਲੇ ਵਿੱਚ ਕਿਸੇ ਵੀ ਵਿਅਕਤੀ ਦੀ ਕੋਈ ਵੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਵੱਲੋਂ ਭਾਵੇਂ ਇਸ ਗੋਲੀਕਾਂਡ ਵਿੱਚ ਵਰਤੇ ਗਏ ਹਥਿਆਰ ਨੂੰ ਬਰਾਮਦ ਕਰਨ ਦੀ ਗੱਲ ਆਖੀ ਜਾ ਰਹੀ ਹੈ ਅਤੇ ਮਿਲਟਰੀ ਸਟੇਸ਼ਨ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਪੜਤਾਲ ਕੀਤੀ ਗਈ ਹੈ, ਪਰ ਪੁਲਿਸ ਦੇ ਹੱਥ ਅਜੇ ਵੀ ਖਾਲੀ ਹਨ।
ਵੱਖ-ਵੱਖ ਪਹਿਲੂਆਂ ਤੋਂ ਜਾਂਚ ਜਾਰੀ: ਹੁਣ ਪੰਜਾਬ ਪੁਲਿਸ ਵੱਲੋਂ ਕੁਝ ਸ਼ੱਕੀ ਲੋਕਾਂ ਦੀ ਲਿਸਟ ਤਿਆਰ ਕੀਤੀ ਗਈ ਹੈ, ਜਿਨ੍ਹਾਂ ਤੋਂ ਪੁੱਛਗਿਛ ਲਈ ਪੰਜਾਬ ਪੁਲਿਸ ਵੱਲੋਂ ਫੌਜ ਅਫ਼ਸਰਾਂ ਨੂੰ ਇੱਕ ਪੱਤਰ ਲਿਖਿਆ ਗਿਆ ਹੈ, ਤਾਂ ਜੋ ਇਨ੍ਹਾਂ ਤੋਂ ਫੌਜ ਦੀ ਇਜਾਜ਼ਤ ਨਾਲ ਪੁੱਛਗਿੱਛ ਕੀਤੀ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਚਓ ਥਾਣਾ ਕੈਂਟ ਗੁਰਦੀਪ ਸਿੰਘ ਨੇ ਦੱਸਿਆ ਕਿ 12 ਅਪ੍ਰੈਲ ਨੂੰ ਮਿਲਟਰੀ ਸਟੇਸ਼ਨ ਅੰਦਰ ਵਾਪਰੇ ਗੋਲੀ ਕਾਂਡ ਸਬੰਧੀ ਲਗਾਤਾਰ ਫ਼ੌਜ ਅਤੇ ਪੁਲਿਸ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਵੱਖ-ਵੱਖ ਪਹਿਲੂਆਂ ਉੱਤੇ ਕੰਮ ਕੀਤਾ ਜਾ ਰਿਹਾ ਹੈ, ਪਰ ਇਸ ਮਾਮਲੇ ਸਬੰਧੀ ਹਾਲੇ ਤੱਕ ਕਿਸੇ ਵੀ ਵਿਅਕਤੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। 12 ਅਪ੍ਰੈਲ ਨੂੰ ਹੀ ਇੱਕ ਹਥਿਆਰ ਉਨ੍ਹਾਂ ਵੱਲੋਂ ਬਰਾਮਦ ਕੀਤਾ ਗਿਆ ਸੀ ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।
ਸੁੱਤੇ ਪਏ ਜਵਾਨਾਂ ਉੱਤੇ ਫਾਇਰਿੰਗ:ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ 'ਤੇ ਬੁੱਧਵਾਰ ਸਵੇਰੇ ਹੋਈ ਗੋਲੀਬਾਰੀ 'ਚ ਫੌਜ ਦੇ ਚਾਰ ਜਵਾਨਾਂ ਦੀ ਮੌਤ ਹੋ ਗਈ ਸੀ। ਫੌਜ ਅਧਿਕਾਰੀਆਂ ਨੇ ਦੱਸਿਆ ਸੀ ਕਿ ਫਾਇਰਿੰਗ ਸਵੇਰੇ 4:35 ਵਜੇ ਹੋਈ ਸੀ। ਪੁਲਿਸ ਅਤੇ ਫੌਜ ਦੀਆਂ ਟੀਮਾਂ ਇਸ ਕਤਲ ਮਾਮਲੇ ਦੀ ਸਾਂਝੇ ਤੌਰ 'ਤੇ ਜਾਂਚ ਕਰ ਰਹੀਆਂ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਵਾਨਾਂ ਨੂੰ ਇਨਸਾਸ ਰਾਈਫਲ ਨਾਲ ਗੋਲੀ ਮਾਰੀ ਗਈ ਸੀ। ਪੁਲਿਸ ਨੇ ਮੌਕੇ ਤੋਂ 19 ਖਾਲੀ ਖੋਲ ਬਰਾਮਦ ਕੀਤੇ ਹਨ। ਗੋਲੀ ਚਲਾਉਣ ਵਾਲੇ 2 ਵਿਅਕਤੀ ਚਿੱਟਾ ਕੁੜਤਾ-ਪਜਾਮਾ ਪਹਿਨ ਕੇ ਆਏ ਸਨ। ਮੂੰਹ ਢੱਕਿਆ ਹੋਇਆ ਸੀ।
ਇਹ ਵੀ ਪੜ੍ਹੋ:Atiq Ahmed In Politics: 2019 ਦੀਆਂ ਚੋਣਾਂ ਵਿੱਚ ਬਨਾਰਸ ਤੋਂ ਮੋਦੀ ਖ਼ਿਲਾਫ਼ ਨਿੱਤਰਿਆ ਸੀ ਅਤੀਕ ਅਹਿਮਦ, ਮਿਲੇ ਸੀ 855 ਵੋਟ