ਬਠਿੰਡਾ: ਆਪ ਦੇ ਵਿਧਾਇਕ ਮੀਤ ਹੇਅਰ ਬਠਿੰਡਾ (Bathinda) ਇੱਕ ਕੇਸ ਦੇ ਸੰਬੰਧ 'ਚ ਪੇਸ਼ੀ ਉਤੇ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ।ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਚਿੱਟੇ ਸੋਨੇ ਵਜੋਂ ਜਾਣੇ ਜਾਂਦੇ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ ਹੋ ਚੁੱਕਿਆ ਹੈ ਪਰ ਪੰਜਾਬ ਸਰਕਾਰ ਸੁੱਤੀ ਪਈ ਹੈ। ਉਨ੍ਹਾਂ ਕਿਹਾ ਹੈ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਕਿਹਾ ਹੈ ਕਿ ਸਰਕਾਰੀ ਅਤੇ ਪ੍ਰਾਈਵੇਟ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਸਰਕਾਰ ਮੁੱਕਰ ਗਈ ਹੈ।
ਨਸ਼ਿਆਂ ਦੇ ਮੁੱਦੇ ਤੇ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਹੱਥ ਕਰ ਗੁਟਕਾ ਸਾਹਿਬ ਦੀ ਸੰਹੁ ਖਾਧੀ ਸੀ ਕਿ ਪੰਜਾਬ ਵਿੱਚੋਂ ਨਸ਼ੇ ਦਾ ਲੱਕ ਤੋੜ ਦੇਣਗੇ ਪਰ ਜੇਕਰ ਗੱਲ ਕਰੀਏ ਬਠਿੰਡਾ ਦੀ ਤਾਂ ਇੱਥੇ ਪਿਛਲੇ ਕਰੀਬ ਇੱਕ ਮਹੀਨੇ ਵਿੱਚ ਦੱਸ ਤੋਂ ਬਾਰਾਂ ਮੌਤਾਂ ਨਸ਼ੇ ਦੀ ਓਵਰਡੋਜ਼ ਕਾਰਨ ਹੋ ਚੁੱਕੀਆਂ ਹਨ।ਉਨ੍ਹਾਂ ਕਿਹਾ ਸਰਕਾਰ ਨਸ਼ਾ ਤਸਕਰਾਂ ਉਤੇ ਕੋਈ ਸਖਤ ਕਾਰਵਾਈ ਨਹੀਂ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚ ਨਸ਼ਿਆਂ ਕਰਨ ਆਏ ਦਿਨ ਨੌਜਵਾਨ ਮਰ ਰਹੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਜੱਦੀ ਪਿੰਡ ਵਿਚ ਨਸ਼ੇ ਨਾਲ ਦੋ ਸਕੇ ਭਰਾ ਮਰ ਗਏ।ਉਨ੍ਹਾਂ ਕਿਹਾ ਨਸ਼ਿਆਂ ਨੂੰ ਲੈ ਕੇ ਸਰਕਾਰ ਵੱਲੋਂ ਕੋਈ ਸਖਤ ਕਾਰਵਾਈ ਨਹੀਂ ਕੀਤੀ ਗਈ।