ਬਠਿੰਡਾ:ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਆਗੂਆਂ ਦਾ ਵਿਰੋਧ ਹੋ ਰਿਹਾ ਹੈ। ਉਥੇ ਹੀ ਹੁਣ ਭਾਜਪਾ ਵੱਲੋਂ ਨਵੀਂ ਰਣਨੀਤੀ ਘੜਦਿਆਂ ਇੱਕ ਸਿਆਸੀ ਪੈਂਤੜਾ ਖੇਡਿਆ ਜਾ ਰਿਹਾ ਹੈ। ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕਰਦਿਆਂ ਆਖਿਆ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਉਂਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਸ਼ੁਰੂ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਲੈਣਗੇ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਦੇ ਦੌਰ ਵਿੱਚੋਂ ਬਾਹਰ ਕੱਢਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਮੰਦਹਾਲੀ ਵੱਲ ਜਾਣ ਦਾ ਸਭ ਤੋਂ ਵੱਡਾ ਕਾਰਨ ਸਿਆਸੀ ਪਰਿਵਾਰਕ ਲੋਕਾਂ ਵੱਲੋਂ ਨਿੱਜੀ ਹਿੱਤਾਂ ਲਈ ਕੀਤੇ ਗਏ ਕਾਰਜ ਹਨ। ਪੰਜਾਬ ਦੇ ਨੌਜਵਾਨ ਮੈਡੀਕਲ ਨਸ਼ੇ ਵਿੱਚ ਧੱਸਦੇ ਜਾ ਰਹੇ ਹਨ। ਜੇਕਰ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਸ਼ੁਰੂ ਹੁੰਦੀ ਹੈ ਤਾਂ ਇਸ ਨਾਲ ਮੈਡੀਕਲ ਨਸ਼ੇ ਨੂੰ ਠੱਲ੍ਹ ਪਵੇਗੀ। ਕੇਂਦਰ ਸਰਕਾਰ ਵੱਲੋਂ ਹਰ ਸਾਲ ਕਰੀਬ ਇੱਕੀ ਹਜ਼ਾਰ ਕਰੋੜ ਰੁਪਏ ਦੀ ਅਫ਼ੀਮ ਦੂਸਰੇ ਮੁਲਕਾਂ ਤੋਂ ਮੰਗਵਾਈ ਜਾਂਦੀ ਹੈ। ਜਿਸ ਨਾਲ ਦੇਸ਼ ਦੀ ਸੰਪਤੀ ਦਾ ਨੁਕਸਾਨ ਹੋ ਰਿਹਾ ਹੈ।