ਬਠਿੰਡਾ:ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਖੜ੍ਹੇ ਹੋਏ ਕਿਸਾਨ ਅੰਦੋਲਨ ਕਾਰਨ ਜਿੱਥੇ ਭਾਜਪਾ ਨੂੰ ਵੱਡਾ ਖਮਿਆਜ਼ਾ ਪੰਜਾਬ ਵਿੱਚ ਭੁਗਤਣਾ ਪਿਆ ਸੀ, ਉਥੇ ਹੀ ਨਹੁੰ ਮਾਸ ਦਾ ਰਿਸ਼ਤਾ ਕਹਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲੋਂ ਵੀ ਅਲੱਗ ਹੋਣਾ ਪਿਆ ਸੀ ਕਿਉਂਕਿ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਖੇਤੀਬਾੜੀ ਬਿੱਲਾ ਨੂੰ ਰੱਦ ਕਰਵਾਉਣ ਲਈ ਹਰ ਫਰੰਟ ਉੱਪਰ ਭਾਜਪਾ ਦਾ ਤਕੜਾ ਵਿਰੋਧ ਕੀਤਾ ਜਾਂਦਾ ਰਿਹਾ ਸੀ ਅਤੇ ਭਾਜਪਾ ਦੇ ਪੰਜਾਬ ਵਿਚਲੇ ਕਈ ਪ੍ਰੋਗਰਾਮਾਂ ਨੂੰ ਇਸ ਕਰਕੇ ਰੱਦ ਕਰਨਾ ਪਿਆ ਕਿਉਂਕਿ ਕਿਸਾਨਾਂ ਵੱਲੋਂ ਇਹਨਾਂ ਦਾ ਜ਼ਬਰਦਸਤ ਵਿਰੋਧ ਕੀਤਾ ਜਾਂਦਾ ਰਿਹਾ ਸੀ। ਜਿੰਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ 5 ਜਨਵਰੀ 2022 ਨੂੰ ਫ਼ਿਰੋਜ਼ਪੁਰ ਵਿਖੇ ਹੋਣ ਵਾਲੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਇਸ ਕਰਕੇ ਰੱਦ ਕਰਨੀ ਪਈ ਸੀ ਕਿਉਂਕਿ ਕਿਸਾਨਾਂ ਵੱਲੋਂ ਉਹਨਾਂ ਦੇ ਆਉਣ ਵਾਲੇ ਰਸਤੇ ਨੂੰ ਰੋਕ ਲਿਆ ਗਿਆ ਸੀ। ਹਾਲਾਂਕਿ ਉਸ ਸਮੇਂ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀਬਾੜੀ ਬਿਲ ਰੱਦ ਕਰ ਦਿੱਤੇ ਗਏ ਸਨ ਪਰ ਫਿਰ ਵੀ ਕਿਸਾਨਾਂ ਵਿਚ ਭਾਜਪਾ ਪ੍ਰਤੀ ਰੋਸ ਜਾਰੀ ਸੀ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕਿਸਾਨ ਅੰਦੋਲਨ ਲੜਿਆ ਗਿਆ ਸੀ ਪਰ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਤੋਂ ਬਾਅਦ 22 ਜਥੇਬੰਦੀਆਂ ਨੂੰ ਸੰਜੁਗਤ ਕਿਸਾਨ ਮੋਰਚੇ ਤੋਂ ਅਲੱਗ ਕਰ ਦਿੱਤਾ ਗਿਆ। ਜਿਸ ਦਾ ਫਾਇਦਾ ਹੁਣ ਭਾਜਪਾ ਨੂੰ ਸਾਫ਼ ਮਿਲਦਾ ਨਜ਼ਰ ਆ ਰਿਹਾ ਹੈ।
ਕਿਸਾਨ ਜਥੇਬੰਦੀਆਂ ਨੇ ਲੜੀ ਚੋਣ: ਕਿਸਾਨ ਅੰਦੋਲਨ 9 ਦਸੰਬਰ ਨੂੰ ਖ਼ਤਮ ਹੋਣ ਤੋਂ ਬਾਅਦ ਫਰਵਰੀ 2022 ਵਿਚ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ। ਇਸ ਐਲਾਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਜਿਸ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਸਨ ਇਹ ਚੋਣਾਂ ਨੂੰ ਲੈ ਕੇ ਦੋਫਾੜ ਹੋ ਗਈਆਂ ਅਤੇ 22 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਗਿਆ। ਇਸ ਤੋਂ ਸੰਯੁਕਤ ਸਮਾਜ ਮੋਰਚੇ ਦੇ ਨਾਮ ਹੇਠ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਲੜੀਆਂ ਗਈਆਂ ਜਿਸ ਦਾ ਲੋਕਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਅਤੇ ਕਿਸਾਨ ਆਗੂਆਂ ਦੀਆਂ ਜ਼ਮਾਨਤਾਂ ਤੱਕ ਜ਼ਬਤ ਹੋ ਗਈਆਂ ।
ਵਿਰੋਧ ਦੇ ਬਾਵਜੂਦ ਭਾਜਪਾ ਦੇ ਬਣੇ ਦੋ ਵਿਧਾਇਕ: 9 ਦਸੰਬਰ 2021 ਨੂੰ ਕਿਸਾਨ ਅੰਦੋਲਨ ਦੀਆਂ ਮੰਗਾਂ ਮੰਨਦੇ ਹੋਏ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਬਿਲ ਰੱਦ ਕਰ ਦਿੱਤੇ ਗਏ ਸਨ ਪਰ ਫਿਰ ਵੀ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦਾ ਵਿਰੋਧ ਲਗਾਤਾਰ ਜਾਰੀ ਸੀ ਕਿਉਂਕਿ ਉਨ੍ਹਾਂ ਵੱਲੋਂ ਲਗਾਤਾਰ ਐਮਐਸਪੀ ਦੀ ਮੰਗ ਕੀਤੀ ਜਾ ਰਹੀ ਸੀ,ਪਰ ਇਸ ਵਿਰੋਧ ਦੇ ਬਾਵਜੂਦ ਪੰਜਾਬ ਵਿਧਾਨ ਸਭਾ ਚੋਣਾਂ ਵਿੱਚੋਂ ਭਾਜਪਾ ਨੂੰ ਦੋ ਵਿਧਾਇਕ ਮਿਲੇ ਜਿਸ ਦਾ ਵੱਡਾ ਕਾਰਨ ਕਿਸਾਨ ਮੋਰਚੇ ਦਾ ਦੋਫਾੜ ਹੋਣਾ ਮੰਨਿਆ ਗਿਆ।