ਬਠਿੰਡਾ: ਜ਼ਿਲ੍ਹੇ ਦੇ ਰਿੰਗ ਰੋਡ ਦੇ ਨੇੜੇ ਵਿਰਾਨ ਪਈ ਜ਼ਮੀਨ ਵਿਚਲੇ ਕੋਠੇ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ 'ਤੇ ਸਨਸਨੀ ਫੈਲ ਗਈ। ਖੇਤ ਮਾਲਕ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਪ੍ਰਸ਼ਾਸਨ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਠਿੰਡਾ ਦੇ ਰਿੰਗ ਰੋਡ ਉੱਤੇ ਮੋਟਰ ਵਾਲੇ ਕੋਠੇ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼ - ਬਠਿੰਡਾ ਵਿੱਚ ਨੌਜਵਾਨ ਦੀ ਮਿਲੀ ਲਾਸ਼
ਬਠਿੰਡਾ ਵਿੱਚ ਇੱਕ ਨੌਜਵਾਨ ਦੀ ਖੇਤਾਂ ਵਿੱਚੋਂ ਲਾਸ਼ ਮਿਲੀ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਡੀਐਸਪੀ ਦਾ ਬਿਆਨ:ਇਸ ਮੌਕੇ 'ਤੇ ਪਹੁੰਚੇ ਡੀ ਐਸ ਪੀ ਸਿਟੀ ਵਿਸ਼ਵਜੀਤ ਸਿੰਘ ਮਾਨ ਨੇ ਦੱਸਿਆ ਕਿ ਉਹਨਾਂ ਨੂੰ ਪੁਲਿਸ ਕੰਟਰੋਲ ਤੋਂ ਸੂਚਨਾ ਮਿਲੀ ਸੀ ਕਿ ਰਿੰਗ ਰੋਡ ਨੇੜੇ ਬਣੇ ਕੋਠੇ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਜਦੋਂ ਉਨ੍ਹਾਂ ਵੱਲੋਂ ਮੌਕੇ 'ਤੇ ਆ ਕੇ ਵੇਖਿਆ ਗਿਆ ਤਾਂ ਖੂਨ ਨਾਲ ਲੱਥ ਪੱਥ ਪਈ ਲਾਸ਼ ਵਿੱਚੋ ਮੁਸ਼ਕ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ, ਉਸਦੇ ਮੂੰਹ ਅਤੇ ਸਰੀਰ ਦੇ ਹੋਰ ਅੰਗਾਂ ਉਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਖੇਤ ਦੇ ਮਾਲਕ ਵੱਲੋਂ ਦਿੱਤੀ ਸੂਚਨਾ ਤੋਂ ਬਾਅਦ ਮੌਕੇ ਤੇ ਪੁਲਿਸ ਪ੍ਰਸ਼ਾਸਨ ਪਹੁੰਚਿਆ ਸੀ ਮੁੱਢਲੇ ਹਾਲਾਤਾਂ ਤੋਂ ਇੰਝ ਜਾਪਦਾ ਹੈ ਕਿ ਕੁੱਝ ਦਿਨ ਪਹਿਲਾਂ ਇਸ ਨੌਜਵਾਨ ਦਾ ਕਤਲ ਕੀਤਾ ਗਿਆ ਹੈ।
ਪੁਲਿਸ 'ਤੇ ਸਵਾਲ:ਫਿਲਹਾਲ ਮੌਕੇ 'ਤੇ ਸੀ ਆਈ ਏ ਸਟਾਫ਼ ਅਤੇ ਫਰਾਂਸਿਕ ਲੈਬੋਰਟਰੀ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਭੇਜਿਆ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਦੀ ਪਛਾਣ ਲਈ ਤਸਵੀਰਾਂ ਵੱਖ-ਵੱਖ ਗਰੁੱਪਾਂ ਵਿੱਚ ਸ਼ੇਅਰ ਕਰ ਰਹੇ ਹਨ ਤਾਂ ਜੋ ਨੌਜਵਾਨ ਦੀ ਪਛਾਣ ਹੋਣ ਤੋਂ ਬਾਅਦ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਇਥੇ ਦੱਸਣਯੋਗ ਹੈ ਕਿ ਘੱਲੂਘਾਰਾ ਦਿਵਸ ਦੇ ਚੱਲਦਿਆਂ ਅਤੇ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਇਸ ਸ਼ਹਿਰ ਵਿਚ ਫਲੈਗ ਮਾਰਚ ਕੱਢੇ ਜਾ ਰਹੇ ਹਨ ਅਤੇ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰਨ ਦੇ ਵੀ ਪੁਲਿਸ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਵੱਢ-ਟੁੱਕ ਕੀਤੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਦੇ ਸਖਤ ਸੁਰੱਖਿਆ ਪ੍ਰਬੰਧਾਂ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ।