ਬਠਿੰਡਾ:ਪੰਜਾਬ ਸਰਕਾਰ ਵੱਲੋਂ ਲਗਾਤਾਰ ਇੱਕ ਹਫਤਾ ਧੀਆਂ ਦੀ ਲੋਹੜੀ ਮਨਾਈ ਜਾਵੇਗੀ ਅਤੇ ਇਸ ਪ੍ਰੋਗਰਾਮ ਦੇ ਤਹਿਤ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਧੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਲੋਹੜੀ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ ਧੀਆਂ ਦੀ ਲੋਹੜੀ ਮਨਾਉਣ ਲਈ ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿੱਚ ਪਹੁੰਚੇ। ਇਸ ਮੌਕੇ ਵਿਦਿਆਰਥਣਾਂ ਨੇ ਗੱਤਕਾ ਅਤੇ ਗਿੱਧਾ ਪੇਸ਼ ਕੀਤਾ।ਇਸ ਤੋਂ ਇਲਾਵਾ ਕੈਬਨਿਟ ਮੰਤਰੀ ਲੋਹੜੀ ਬਾਲ਼ ਕੇ ਖੁੱਦ ਗਿੱਧਾ ਅਤੇ ਬੋਲੀਆਂ ਵੀ ਪਾਈਆਂ।
ਇਸ ਮੌਕੇ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਦਾ ਮਾਨ ਸਤਿਕਾਰ ਦੇਣਾ ਚਾਹੀਦਾ ਹੈ। ਕਿਉਂਕਿ ਲੜਕੀਆਂ ਲੜਕਿਆਂ ਨਾਲੋਂ ਕਿਸੇ ਖੇਤਰ ਵਿੱਚ ਘੱਟ ਨਹੀਂ ਹਨ। ਉਨ੍ਹਾਂ ਕਿਹਾ ਇੱਕ ਹਫਤਾ ਧੀਆਂ ਦੀ ਲੋਹੜੀ ਮਨਾਈ ਜਾਵੇਗੀ ਅਤੇ ਉਨ੍ਹਾਂ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ।
ਜਲਦ ਮਿਲਣਗੇ ਹਜ਼ਾਰ ਰੁਪਏ: ਮਹਿਲਾਵਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਨਹੀਂ ਦਿੱਤਾ ਗਿਆ, ਇਸ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, ਕਿ ਅਸੀਂ ਡਾਟਾ ਇਕੱਠਾ ਕਰ ਰਹੇ ਹਾਂ। ਜਲਦੀ ਇਸ ਨੂੰ ਲਾਗੂ ਕਰਾਂਗੇ ਅਤੇ ਇਸ ਲਈ ਬਜਟ ਉਪਲੱਬਧ ਕਰਾਂਗੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਲਈ ਖਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਪੰਜਾਬ ਸਰਕਾਰ ਨੂੰ ਲੋਕਾਂ ਨਾਲ ਕੀਤਾ ਹਰ ਵਾਅਦਾ ਯਾਦ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਭਾਵੇਂ ਹਾਲਾਤ ਕਿਵੇਂ ਦੀ ਹੋਣ ਬਿਜਲੀ ਪਾਣੀ ਅਤੇ ਸਿਹਤ ਸਹੂਲਤਾਂ ਦੇ ਤਮਾਮ ਦਾਅਵੇ ਸਰਕਾਰ ਨੇ ਇੱਕ ਸਾਲ ਦੇ ਅੰਦਰ ਪੂਰੇ ਕੀਤੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹਰ ਵਾਅਦਾ ਨੇਪਰੇ ਚਾੜ੍ਹਿਆ ਜਾਵੇਗਾ।