ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸਕੂਲ ਪ੍ਰਿੰਸੀਪਲ। ਬਠਿੰਡਾ :ਸ਼ਹੀਦ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸਰਾਮ ਨਗਰ ਵਿਚ ਬੀਤੇ ਦਿਨ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਕਰਕੇ ਸਿੱਖ ਜਥੇਬੰਦੀਆਂ ਵੱਲੋਂ ਇਸ ਕਾਰਵਾਈ ਦਾ ਡਟ ਕੇ ਵਿਰੋਧ ਕੀਤਾ ਗਿਆ ਹੈ। ਸਿੱਖ ਜਥੇਬੰਦੀਆਂ ਵੱਲੋਂ ਸਕੂਲ ਦੇ ਗੇਟ ਅੱਗੇ ਧਰਨਾ ਵੀ ਦਿੱਤਾ ਗਿਆ ਅਤੇ ਸਟਾਫ ਵੱਲੋਂ ਇਸਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। (Sikh organizations staged a sit-in in Bathinda)
'ਸਿੱਖਾਂ ਨੂੰ ਥਾਂ-ਥਾਂ ਉੱਤੇ ਕੀਤਾ ਜਾ ਰਿਹਾ ਹੈ ਟਾਰਗੇਟ': ਇਸ ਮੌਕੇ ਪਰਮਿੰਦਰ ਸਿੰਘ ਬਾਲਿਆਂ ਵਾਲੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਿਹਾ ਕਿ ਸਿੱਖਾਂ ਨੂੰ ਥਾਂ-ਥਾਂ ਉੱਤੇ ਟਾਰਗੇਟ ਕੀਤਾ ਜਾ ਰਿਹਾ ਹੈ ਅਤੇ ਧਾਰਮਿਕ ਕਕਾਰਾ ਦੀ ਬੇਅਦਬੀ ਕੀਤੀ ਜਾ ਰਹੀ ਜਾ ਰਹੀ ਹੈ। ਇਸੇ ਲੜੀ ਤਹਿਤ ਇਹ ਘਟਨਾ ਵਾਪਰੀ ਹੈ ਪਰ ਉਹ ਚੁੱਪ ਨਹੀਂ ਬੈਠਣਗੇ। ਜ਼ਿਕਰਯੋਗ ਹੈ ਕਿ ਸ਼ਹੀਦ ਸੰਦੀਪ ਸਿੰਘ ਸਮਰਾਟ ਸਕੂਲ ਦੇ ਵਿਦਿਆਰਥੀ ਓਮ ਨਾਗਪਾਲ ਨੇ ਦੱਸਿਆ ਕਿ ਪਿਛਲੀ ਦਿਨੀਂ ਉਸਦੀ ਕਲਾਸ ਵਿੱਚ ਕੁਝ ਵਿਦਿਆਰਥੀਆਂ ਨਾਲ ਲੜਾਈ ਹੋ ਗਈ ਸੀ, ਜਿਨ੍ਹਾਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਸਿਰ ਵਿੱਚ ਕੜਾ ਮਾਰਿਆ ਗਿਆ।
ਇਸ ਕਾਰਨ ਉਸਦੇ ਸਿਰ ਵਿੱਚ ਚਾਰ ਟਾਂਕੇ ਲੱਗੇ ਸਨ ਅਤੇ ਉਸਦੇ ਮਾਪਿਆਂ ਵੱਲੋਂ ਬਕਾਇਦਾ ਇਸ ਚੀਜ਼ ਦੀ ਪ੍ਰਿੰਸੀਪਲ ਨੂੰ ਸ਼ਿਕਾਇਤ ਕੀਤੀ ਗਈ ਸੀ। ਇਸ ਤੋਂ ਬਾਅਦ ਸਕੂਲ ਪ੍ਰਿੰਸੀਪਲ ਵੱਲੋਂ ਸਕੂਲ ਵਿਦਿਆਰਥੀਆਂ ਤੇ ਐਕਸ਼ਨ ਲੈਂਦੇ ਹੋਏ ਸਮੂਹ ਸਕੂਲ ਤੇ ਉਹਨਾਂ ਵਿਦਿਆਰਥੀਆਂ ਦੇ ਖਿਲਾਫ ਐਕਸ਼ਨ ਲਿਆ ਗਿਆ ਜਿਨ੍ਹਾਂ ਦੇ ਮੋਟੇ ਕੜੇ ਪਾਏ ਹੋਏ ਸਨ ਅਤੇ ਉਨ੍ਹਾਂ ਦੇ ਮੋਟੇ ਕੜੇ ਉਤਾਰ ਦਿੱਤੇ ਗਏ।
'ਸਕੂਲ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਦਿੱਤੀ ਗਈ ਸੀ ਸ਼ਿਕਾਇਤ': ਦੂਜੇ ਪਾਸੇ ਸਕੂਲ ਦੇ ਪ੍ਰਿੰਸੀਪਲ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਪਾਸ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਕੁਝ ਵਿਦਿਆਰਥੀਆਂ ਵਲੋਂ ਮੋਟੇ ਕੜੇ ਪਾਏ ਗਏ ਹਨ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਕੜਿਆਂ ਰਾਹੀਂ ਦੂਜੇ ਬੱਚਿਆਂ ਉੱਤੇ ਹਮਲਾ ਕੀਤਾ ਗਿਆ ਹੈ, ਜਿਸ ਕਾਰਨ ਇੱਕ ਬੱਚਾ ਗੰਭੀਰ ਜ਼ਖ਼ਮੀ ਹੋਇਆ ਹੈ। ਸਕੂਲ ਮਾਪਿਆਂ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਵੱਲੋਂ ਉਨ੍ਹਾਂ ਵਿਦਿਆਰਥੀਆਂ ਦੇ ਕੜੇ ਉਤਰਵਾਏ ਗਏ ਹਨ।
ਇਸ ਮੌਕੇ ਪਰਦਰਸ਼ਨਕਾਰੀਆਂ ਦੀ ਸਕੂਲ ਦੇ ਮਹਿਲਾ ਸਟਾਫ ਨਾਲ ਬਹਿਸ ਵੀ ਹੋਈ। ਮੌਕੇ ਉੱਤੇ ਪਹੁੰਚੇ ਪੁਲਿਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਦਖਲ ਤੋਂ ਬਾਅਦ ਇਸ ਮਾਮਲੇ ਨੂੰ ਹੱਲ ਕੀਤਾ ਗਿਆ।