ਬਠਿੰਡਾ: ਜਿਥੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈਕੇ ਪਹਿਲਾਂ ਹੀ ਵਿਰੋਧ ਕਰ ਰਹੇ ਸੀ ਤੇ ਹੁਣ ਕੇਂਦਰ ਦਾ ਫਰਮਾਨ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਆੜ੍ਹਤੀ, ਕਿਸਾਨ ਅਤੇ ਮਜ਼ਦੂਰ ਵਰਗ ਵਲੋਂ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜ ਅਪ੍ਰੈਲ ਨੂੰ ਆੜ੍ਹਤੀਆਂ ਵਲੋਂ ਬਾਘਾਪੁਰਾਣਾ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਐੱਫਸੀਆਈ ਦਫ਼ਤਰਾਂ ਅੱਗੇ ਵੀ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਸਬੰਧੀ ਆੜ੍ਹਤੀਆਂ ਦਾ ਕਹਿਣਾ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਵਿਚਾਲੇ ਬਾਈਚਾਰਕ ਸਾਂਝ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਦਾ ਕਹਿਣਾ ਕਿ ਆੜ੍ਹਤੀ ਅਤੇ ਕਿਸਾਨ ਇੱਕ ਦੂਜੇ ਦੇ ਦੁੱਖ ਸੁੱਖ 'ਚ ਸਹਾਈ ਹੁੰਦੇ ਹਨ, ਜਿਸ ਨੂੰ ਕੇਂਦਰ ਦੀ ਤਾਨਾਸ਼ਾਹੀ ਸਰਕਾਰ ਤੋੜਨਾ ਚਾਹੁੰਦੀ ਹੈ।