ਬਠਿੰਡਾ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੂੰ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ।ਇਸ ਦਾ ਉਦੇਸ ਗੁਰਬਾਣੀ ਕੀਰਤਨ ਦੀ ਪਹੁੰਚ ਵੱਧ ਤੋਂ ਵੱਧ ਯਕੀਨੀ ਬਣਾਉਣਾ ਹੈ ਤਾਂ ਕਿ ਕੋਈ ਵੀ ਸਰਧਾਲੂ ਕੀਰਤਨ ਸਰਵਨ ਕਰਨ ਤੋਂ ਵਿਰਵਾ ਨਾ ਰਹੇ।
ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸਾਹਿਬ ਨੂੰ ਨਿੱਜੀ ਤੌਰ ਉੱਤੇ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਚੰਨੀ ਨੇ ਜਿਵੇਂ ਸਿੱਖ ਸੰਗਤ ਪਾਕਿਸਤਾਨ ਵਿੱਚ ਰਹਿ ਗਏ ਪਾਵਨ ਗੁਰਧਾਮਾਂ ਦੇ ‘‘ਖੁੱਲੇ ਦਰਸ਼ਨ ਦੀਦਾਰਾਂ’’ ਲਈ ਤਾਂਘ ਰਹੀ ਹੈ, ਉਸੇ ਤਰਾਂ ਹੀ ਸਿੱਖ ਸੰਗਤ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਸਮੇਂ ‘‘ਖੁੱਲੇ ਪ੍ਰਸਾਰਨ’’ ਦੀ ਵੀ ਹਮੇਸ਼ਾ ਤੀਬਰ ਇੱਛਾ ਰਹੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਭਰੋਸਾ ਦਿੱਤਾ ਕਿ ਇਸ ਕਾਰਜ ਲਈ ਲੋੜੀਂਦਾ ਢਾਂਚਾ ਬਣਾਉਣ ਜਾਂ ਆਉਣ ਵਾਲੇ ਹੋਰਨਾਂ ਖਰਚਿਆਂ ਲਈ ਲੋੜੀਂਦੀ ਰਾਸ਼ੀ ਪੰਜਾਬ ਸਰਕਾਰ ਸਹਿਣ ਨੂੰ ਤਿਆਰ ਹੈ। ਇਸ ਸਮੇਂ ਸਿਰਫ ਇੱਕ ਚੈਨਲ ਨੂੰ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਹੱਕ ਦੇ ਕੇ ਸ੍ਰੋਮਣੀ ਕਮੇਟੀ ਆਪ ਹੀ ਗੁਰਬਾਣੀ ਦੇ ਚਾਨਣ ਨੂੰ ਕੀਰਤਨ ਰਾਹੀਂ ਘਰ ਘਰ ਪਹੁੰਚਣ ਦੇ ਰਾਹ ਵਿਚ ਰੋੜਾ ਬਣ ਰਹੀ ਹੈ ।