ਬਠਿੰਡਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਧ੍ਰੋਹੀ ਕਹਿਣ 'ਤੇ ਭਾਜਪਾ ਅੰਦਰ ਕਾਫੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਵੱਲੋਂ ਇਕ ਲਿਖਤੀ ਸ਼ਿਕਾਇਤ ਐੱਸਐੱਸਪੀ ਬਠਿੰਡਾ ਨੂੰ ਦਿੱਤੀ ਗਈ ਹੈ।
ਭਾਜਪਾ ਆਗੂ ਵਲੋਂ ਦਿੱਤੀ ਇਸ ਸ਼ਿਕਾਇਤ 'ਚ ਕੇਜਰੀਵਾਲ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਸੁਖਪਾਲ ਸਿੰਘ ਸਰਾਂ ਦਾ ਕਹਿਣਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਦੇਸ਼ ਹਿੱਤ 'ਚ ਕੀਤੇ ਜਾ ਰਹੇ ਨਰਿੰਦਰ ਮੋਦੀ ਦੇ ਕਾਰਜਾਂ ਨੂੰ ਭੰਡਿਆ ਜਾ ਰਿਹਾ ਹੈ ਅਤੇ ਲਗਾਤਾਰ ਦੇਸ਼ ਵਿਰੋਧੀ ਤਾਕਤਾਂ ਨੂੰ ਹੌਸਲਾ ਅਫਜ਼ਾਈ ਦਿੱਤੀ ਜਾ ਰਹੀ ਹੈ, ਜਿਸ ਕਾਰਨ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਮਲਾ ਨਾ ਦਰਜ ਕੀਤਾ ਤਾਂ ਉਹ ਹਾਈ ਕੋਰਟ ਦਾ ਰੁਖ ਵੀ ਕਰ ਸਕਦੇ ਹਨ। ਇਸ ਦੇ ਨਾਲ ਹੀ ਤਜਿੰਦਰ ਬੱਗਾ ਸੰਬੰਧੀ ਬਦਲਾ ਲਊ ਨੀਤੀ ਤਹਿਤ ਸ਼ਿਕਾਇਤ ਕਰਨ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਦਿੱਲੀ ਵਿਚਲੇ ਮਾਮਲਿਆਂ ਨੂੰ ਪੰਜਾਬ ਵਿੱਚ ਲਿਆ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ ਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦਾ ਮਾਹੌਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਭਾਜਪਾ ਵੱਲੋਂ ਸਖ਼ਤ ਨੋਟਿਸ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।