ਬਠਿੰਡਾ: ਪਿੰਡ ਰੁਲਦੂ ਸਿੰਘ ਵਾਲਾ ਵਿਖੇ ਇੱਕ ਨੌਜਵਾਨ ਦੀ ਲਾਸ਼ ਪਿੰਡ ਦੇ ਤਲਾਬ ਚੋਂ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਸ਼ਨਾਖਤ 23 ਸਾਲਾਂ ਅਮਨਦੀਪ ਸਿੰਘ ਵਜੋਂ ਹੋਈ ਹੈ। ਇਸ ਤੋਂ ਬਾਅਦ ਥਾਣਾ ਸੰਗਤ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕ ਅਮਨਦੀਪ ਸਿੰਘ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 18 ਜਨਵਰੀ ਨੂੰ ਪਿੰਡ ਦੇ ਇੱਕ ਵਿਅਕਤੀ ਨਾਲ ਦਿਹਾੜੀ ਉੱਤੇ ਗਿਆ ਸੀ ਜਿਸ ਤੋਂ ਬਾਅਦ ਉਹ ਘਰ ਨਹੀਂ ਪਰਤਿਆ। ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਨੇ ਪੁਲਿਸ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ, ਪਰ ਪੁਲਿਸ ਉਸ ਨੂੰ ਖੱਜਲ ਖੁਆਰ ਕਰਦੀ ਰਹੀ ਤੇ ਪੁਲਿਸ ਨੇ ਉਸ ਨੂੰ ਕਿਸੇ ਰਾਹ ਨਹੀਂ ਪਾਇਆ।
ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੇ ਐਤਵਾਰ ਨੂੰ ਸਵੇਰੇ 8 ਵਜੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੇ ਦੀ ਲਾਸ਼ ਪਿੰਡ ਦੇ ਤਲਾਬ ਵਿੱਚ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਥਾਣਾ ਸੰਗਤ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ।