ਬਠਿੰਡਾ:ਕੇਂਦਰ ਸਰਕਾਰ ਵੱਲੋਂ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ (Veer baal divas) ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਵੱਲੋਂ ਐਲਾਨ ਕੀਤੇ ਜਾਣ ਤੋਂ ਬਾਅਦ ਸਿੱਖ ਜਗਤ ਵੱਲੋਂ ਬਾਲ ਵੀਰ ਦਿਵਸ ਨਾਮ ਰੱਖਣ ਉੱਤੇ ਇਤਰਾਜ਼ ਪ੍ਰਗਟ ਕੀਤਾ ਜਾ ਰਿਹਾ ਹੈ।
ਸੀਨੀਅਰ ਐਡਵੋਕੇਟ ਹਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਦੀ ਸ਼ਰਧਾ ਵੇਖੀ ਜਾਵੇ ਤਾਂ ਉਹ ਗੱਲ ਵੱਖ ਹੈ ਪਰ ਸਿੱਖ ਜਗਤ ਵਿੱਚ ਸਾਹਿਬਜ਼ਾਦਿਆਂ ਨੂੰ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਕਹਿ ਕੇ ਸੰਬੋਧਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਸਿੱਖ ਧਰਮ ਵਿਚ ਸਭ ਤੋਂ ਵੱਡੀ ਸ਼ਹਾਦਤ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਮਾਤਰ ਦੋ ਸ਼ਬਦਾਂ ਵੀਰ ਬਾਲ ਦਿਵਸ ਵਿੱਚ ਸਮੋ ਕੇ ਪੇਸ਼ ਕਰਨਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਡਬਲ ਗੇਮ ਖੇਡ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹਨਾਂ ਨੂੰ ਪਤਾ ਹੈ ਕਿ ਸਿੱਖ ਕੌਮ ਦੇ ਹੱਕ ਦੀ ਗੱਲ ਕੀਤੀ ਜਾਂਦੀ ਹੈ ਅਤੇ ਦੂਸਰੇ ਪਾਸੇ ਜਿਸ ਕੌਮ ਨੂੰ ਹਰ ਸਮੇਂ 1984 ਯਾਦ ਕਰਵਾਉਣ ਦੀਆਂ ਗੱਲਾਂ ਕਹੀਆਂ ਜਾਂਦੀਆਂ ਹਨ।
ਦਲ ਖਾਲਸਾ ਤੇ ਬਾਬਾ ਹਰਦੀਪ ਸਿੰਘ ਖਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਸਾਹਿਬਜ਼ਾਦਿਆਂ ਨੂੰ ਸਮਰਪਿਤ ਬਾਲ ਵੀਰ ਦਿਵਸ ਮਨਾਉਣ ਦੀ ਗੱਲ ਕਹੀ ਜਾ ਰਹੀ ਹੈ ਉਸ ਵਿੱਚ ਉਹਨਾਂ ਦਾ ਧੁਰਾ ਕਰਤਾਰ ਨਜ਼ਰ ਆ ਰਿਹਾ ਹੈ ਕਿਉਂਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਮਹਿਜ ਦੋ ਅੱਖਰਾਂ ਵਿਚ ਸੀਮਤ ਨਾ ਕਰਕੇ ਪੇਸ਼ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਨਾਲ ਅਜਿਹੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ।