ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਦਰਦ ਛਲਕਿਆ ਬਠਿੰਡਾ: 15 ਅਗਸਤ ਦੇ ਸ਼ੁਭ ਦਿਹਾੜੇ ਨੂੰ ਜਿੱਥੇ ਦੇਸ਼ ਭਰ ਵਿੱਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਇਸ ਦਿਹਾੜੇ ਦੇ ਸਮੇਂ ਆਜ਼ਾਦੀ ਘੁਲਾਟੀਆਂ ਪਰਿਵਾਰ ਦੇ ਉਦਾਸ ਨਜ਼ਰ ਆ ਰਹੇ ਹਨ। ਦੇਸ਼ ਦੀ ਆਜ਼ਾਦੀ ਵਿੱਚ ਵੱਖ-ਵੱਖ ਤਰ੍ਹਾਂ ਨਾਲ ਹਿੱਸਾ ਪਾਉਣ ਵਾਲੇ ਸੁਤੰਤਰਤਾ ਸੈਨਾਨੀਆਂ ਪਰਿਵਾਰਾਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਨਾ ਮਿਲਣ ਦਾ ਕਾਰਨ ਸਮੇਂ-ਸਮੇਂ ਦੀਆ ਸਰਕਾਰਾਂ ਨੂੰ ਮੰਨਦੇ ਹਨ।
ਕੀਤੀ ਕੁਰਬਾਨੀ ਅਣਗੌਂਲਿਆਂ: ਫ੍ਰੀਡਮ ਫਾਈਟਰ ਐਂਡ ਫੈਮਿਲੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤਇੰਦਰ ਸਿੰਘ ਬਰਾੜ ਨੇ ਦੱਸਿਆ ਕੀ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰ ਦੀ ਸਮਾਜ ਵਿੱਚ ਵੱਖਰੀ ਹੋਂਦ ਅੱਜ ਖਤਰੇ ਵਿੱਚ ਹੈ ਕਿਉਂਕਿ ਸਰਕਾਰ ਵੱਲੋਂ ਜਿਸ ਤਰ੍ਹਾਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਸ ਨਾਲ ਕਿਤੇ ਨਾ ਕਿਤੇ ਮਨ ਉਦਾਸ ਹੁੰਦਾ ਹੈ। ਪਿਛਲੇ ਲੰਬੇ ਸਮੇਂ ਤੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਲਗਾਤਾਰ ਸਮੇਂ-ਸਮੇਂ ਦੀਆਂ ਸਰਕਾਰਾਂ ਤਕ ਪਹੁੰਚ ਕੀਤੀ ਜਾਂਦੀ ਰਹੀ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ।
15 ਅਗਸਤ ਲਈ ਨਹੀਂ ਆਇਆ ਕੋਈ ਸੱਦਾ: ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦੋ ਫੀਸਦ ਰਿਜ਼ਰਵੇਸ਼ਨ ਦਾ ਜੋ ਕੋਟਾ ਦਿੱਤਾ ਗਿਆ ਸੀ ਉਸ ਨੂੰ ਵੀ ਘਟਾ ਕੇ ਇੱਕ ਪ੍ਰਤੀਸ਼ਤ ਕਰ ਦਿੱਤਾ ਗਿਆ। ਸਰਕਾਰ ਨੇ ਵਾਅਦਾ ਕੀਤਾ ਸੀ ਕਿ ਆਜ਼ਾਦੀ ਘੁਲਾਟੀਆਂ ਦੇ ਬੁੱਤ ਉਨ੍ਹਾਂ ਦੇ ਪਿੰਡਾਂ ਵਿੱਚ ਲਗਾਏ ਜਾਣਗੇ ਅਤੇ ਉਨ੍ਹਾਂ ਦਾ ਇਤਿਹਾਸ ਲਿਖਿਆ ਜਾਵੇਗਾ ਪਰ ਸਰਕਾਰ ਵੱਲੋਂ ਇਸ ਫ਼ੈਸਲੇ ਸੰਬੰਧੀ ਹਾਲੇ ਵੀ ਕੋਈ ਪਹਿਲ ਕਦਮੀ ਨਹੀਂ ਦਿਖਾਈ ਗਈ, ਇੱਥੋਂ ਤੱਕ ਕੇ 15 ਅਗਸਤ ਦੇ ਸ਼ੁਭ ਦਿਹਾੜੇ ਸਬੰਧੀ ਵੀ ਉਨ੍ਹਾਂ ਨੂੰ ਸਰਕਾਰਾਂ ਨੇ ਕੋਈ ਸੱਦਾ ਪੱਤਰ ਨਹੀਂ ਭੇਜਿਆ।
ਸਨਮਾਨ ਭੱਤੇ ਦੀ ਮੰਗ:ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਨਾਲ ਸੰਬੰਧਿਤ ਬੇਅੰਤ ਸਿੰਘ ਦਾ ਕਹਿਣਾ ਹੈ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਤਿੰਨ ਪੀੜ੍ਹੀਆਂ ਤੱਕ ਹੀ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੀ ਮੰਗ ਹੈ ਕਿ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਚਾਰ ਪੀੜ੍ਹੀਆਂ ਤੱਕ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ ਅਤੇ ਸਹੂਲਤਾਂ ਵੀ ਦਿੱਤੀਆਂ ਜਾਣ। ਸੁਤੰਤਰਤਾ ਸੈਨਾਨੀਆਂ ਦੇ ਦੁਨੀਆਂ ਤੋਂ ਰੁਖ਼ਸਤ ਹੋਣ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ ਭੱਤਾ ਨਹੀਂ ਦਿੱਤਾ ਜਾਂਦਾ। ਸਰਕਾਰਾਂ ਨੂੰ ਚਾਹੀਦਾ ਹੈ ਕਿ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਵੀ ਬਣਦਾ ਮਾਨ ਭੱਤਾ ਦਿੱਤਾ ਜਾਵੇ। ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਜੋ ਕਿ ਸਰਾਸਰ ਗਲਤ ਹੈ। ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ।