ਬਠਿੰਡਾ :ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿਖੇ ਉਨ੍ਹਾਂ ਦੀ ਜੱਦੀ ਜ਼ਮੀਨ ਵਿੱਚ 27 ਅਪ੍ਰੈਲ ਨੂੰ ਕੀਤਾ ਗਿਆ। ਅੰਤਿਮ ਸੰਸਕਾਰ ਮੌਕੇ ਦੇਸ਼ ਭਰ ਵਿੱਚੋਂ ਵੱਖ-ਵੱਖ ਰਾਜਨੀਤਿਕ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸ਼ਾਮਲ ਹੋ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਇਸ ਸਮੇਂ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।
ਅੱਜ ਭਰੀਆਂ ਅੱਖਾਂ ਨਾਲ ਬਾਦਲ ਪਰਿਵਾਰ ਨੇ ਪਾਰਟੀ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਦਾ ਅੰਗੀਠਾ ਸੰਭਾਲਿਆ। ਇਸ ਮੌਕੇ ਬਾਦਲ ਦੇ ਪਰਿਵਾਰ ਤੋਂ ਇਲਾਵਾ ਪੰਥ ਦੀਆਂ ਮਹਾਨ ਸ਼ਖ਼ੀਅਤਾਂ ਮੁਖੀ ਦਮਦਮੀ ਟਕਸਾਲ ਸੰਤ ਬਾਬਾ ਹਰਨਾਮ ਸਿੰਘ ਖਾਲਸਾ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸੰਤ ਰਣਜੀਤ ਸਿੰਘ ਸੇਵਾ ਪੰਥੀ ਤੇ ਹੋਰ ਵੀ ਕਈ ਲੋਕ ਮੌਜੂਦ ਸਨ।
ਇਹ ਵੀ ਪੜ੍ਹੋ :Pannu on Amritpal: ਅੱਤਵਾਦੀ ਪਨੂੰ ਦਾ ਅੰਮ੍ਰਿਤਪਾਲ ਨੂੰ ਸਮਰਥਨ, ਰੇਲ ਰੋਕਣ ਦੀ ਦਿੱਤੀ ਕਾਲ ,ਕਿਹਾ- ਡਿਬਰੂਗੜ੍ਹ ਤੱਕ ਜਾਵੇ ਆਵਾਜ਼
ਯਾਦ ਰਹੇ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਪਾਰਟੀ ਦਫ਼ਤਰ ਵਿਖੇ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਸਨ। ਸ਼ਰਧਾਂਜਲੀ ਦੇਣ ਵਾਲਿਆਂ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਤੋਂ ਸਿੱਧੇ ਚੰਡੀਗੜ੍ਹ ਏਅਰਫੋਰਸ ਸਟੇਸ਼ਨ ਪੁੱਜੇ ਜਿੱਥੋਂ ਉਹ ਸਿੱਧੇ ਅਕਾਲੀ ਦਲ ਦੇ ਪਾਰਟੀ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਸ਼ਰਧਾਂਜਲੀ ਦੇਣ ਵਾਲਿਆਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਦੀ ਸਾਬਕਾ ਸੀਐਮ ਰਾਜਿੰਦਰ ਕੌਰ ਭੱਠਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੀ ਪਹੁੰਚੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਸ਼ਾਮਲ ਸਨ। ਇਸ ਦੇ ਨਾਲ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੋਕ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਪੁੱਜੇ ਹੋਏ ਸਨ।
ਆਜ਼ਾਦੀ ਦੇ ਸਾਲ ਵਿੱਚ ਰਾਜਨੀਤੀ 'ਚ ਕਦਮ ਰੱਖਿਆ: ਪਰਕਾਸ਼ ਸਿੰਘ ਬਾਦਲ ਨੇ 1947 ਵਿੱਚ ਰਾਜਨੀਤੀ ਵਿੱਚ ਆਪਣੀ ਸ਼ੁਰੂਆਤ ਕੀਤੀ ਸੀ। 1957 ਵਿੱਚ ਪਹਿਲੀ ਵਿਧਾਨ ਸਭਾ ਚੋਣ ਜਿੱਤੀ। 1969 ਵਿੱਚ ਪ੍ਰਕਾਸ਼ ਸਿੰਘ ਬਾਦਲ ਮੁੜ ਵਿਧਾਇਕ ਬਣੇ। ਜਦਕਿ ਪਰਕਾਸ਼ ਸਿੰਘ ਬਾਦਲ 1970-71, 1977-80, 1997-2002 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ। ਇਸ ਦੇ ਨਾਲ ਹੀ, ਉਹ 1972, 1980 ਅਤੇ 2002 ਵਿਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ। ਪਰਕਾਸ਼ ਸਿੰਘ ਬਾਦਲ ਸੰਸਦ ਮੈਂਬਰ ਅਤੇ ਕੇਂਦਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। 1 ਮਾਰਚ 2007 ਤੋਂ 2017 ਤੱਕ ਦੋ ਵਾਰ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਨਿਭਾਈ।