ਬਠਿੰਡਾ: ਪੰਜਾਬ ਦੇ ਕਿਸਾਨ ਹਾਲੇ ਵੀ ਕਰਜ਼ਿਆਂ ਦੇ ਬੋਝ ਹੇਠ ਦੱਬੇ ਹੋਏ ਹਨ। ਬਠਿੰਡਾ ਦੇ ਅਧੀਨ ਪੈਂਦੇ ਇੱਕ ਪਿੰਡ ਮਹਿਤਾ ਦੇ ਰਹਿਣ ਵਾਲੇ ਇੱਕ ਕਿਸਾਨ ਨੇ ਕਰਜ਼ੇ ਦੇ ਬੋਝ ਹੇਠ ਖ਼ੁਦਕੁਸ਼ੀ ਕਰ ਲਈ ਹੈ।
ਤੁਹਾਨੂੰ ਦੱਸ ਦਈਏ ਕਿ ਪਿੰਡ ਮਹਿਤਾ ਦੇ ਰਹਿਣ ਵਾਲੇ ਬੂਟਾ ਸਿੰਘ, ਜਿਸ ਉੱਤੇ ਕਿ ਲਗਭਗ 20 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਬੈਂਕ ਵਾਲੇ ਬਾਰ-ਬਾਰ ਉਸ ਦੇ ਘਰ ਗੇੜੇ ਮਾਰ ਰਹੇ ਸਨ। ਜਿਸ ਤੋਂ ਬਾਅਦ ਬੂਟਾ ਸਿੰਘ ਮਾਨਸਿਕ ਤੌਰ ਉੱਤੇ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਨੇ ਬੀਤੀ ਕੱਲ੍ਹ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਮੀਤ ਪ੍ਰਧਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਬੂਟਾ ਸਿੰਘ ਨੇ ਬੈਂਕਾਂ ਅਤੇ ਹੋਰ ਲੋਕਾਂ ਤੋਂ ਕਰਜ਼ਾ ਲੈ ਰੱਖਿਆ ਸੀ। ਕਰਜ਼ ਦੇਣ ਵਾਲਿਆਂ ਨੇ ਕਰਜ਼ ਵਾਪਸੀ ਨੂੰ ਲੈ ਕੇ ਉਸ ਦੇ ਘਰੇ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ। ਬੂਟਾ ਸਿੰਘ ਆਸਾਨੀ ਨਾਲ ਇਹ ਕਰਜ਼ਾ ਵਾਪਸ ਨਹੀਂ ਸਕਿਆ ਅਤੇ ਉਹ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਅਤੇ ਉਸ ਨੇ ਫ਼ਾਹਾ ਲਾ ਕੇ ਘਰ ਵਿੱਚ ਹੀ ਖ਼ੁਦਕੁਸ਼ੀ ਕਰ ਲਈ।
ਮੀਤ ਪ੍ਰਧਾਨ ਨੇ ਦੱਸਿਆ ਕਿ ਜਿਵੇਂ ਹੀ ਕਿਸਾਨ ਯੂਨੀਅਨ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਸਰਕਾਰੀ ਹਸਪਤਾਲ ਦੇ ਸਾਹਮਣੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ।
ਉਥੇ ਹੀ ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਹਰਸ਼ਿਤ ਨੇ ਦੱਸਿਆ ਕਿ ਬੂਟਾ ਸਿੰਘ ਦੀ ਉਮਰ ਕਰੀਬ 40 ਸਾਲ ਦੱਸੀ ਜਾ ਰਹੀ ਹੈ। ਉਸ ਨੂੰ ਮ੍ਰਿਤਕ ਅਵਸਥਾ ਵਿੱਚ ਹਸਪਤਾਲ ਵਿਖੇ ਲਿਆਂਦਾ ਗਿਆ ਅਤੇ ਉਸ ਦੀ ਲਾਸ਼ ਨੂੰ ਪੋਸਟ-ਮਾਰਟਮ ਲਈ ਮੁਰਦਾ ਘਰ ਵਿੱਚ ਰਖਵਾਇਆ ਗਿਆ ਹੈ। ਇਸ ਤੋਂ ਬਾਅਦ ਅਗਲੀ ਕਾਰਵਾਈ ਪੁਲਿਸ ਕਰੇਗੀ।