ਬਠਿੰਡਾ:ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਬਰਬਾਦ ਹੋਈ ਨਰਮੇ ਦੀ ਫਸਲ (Cotton crops) ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਦੂਸਰੇ ਦਿਨ ਵੀ ਲਗਾਤਾਰ ਮਿੰਨੀ ਸੈਕਟਰੀਏਟ (Mini Secretariat) ਬਠਿੰਡਾ ਦਾ ਘਿਰਾਓ ਕੀਤਾ ਗਿਆ ਅਤੇ ਸਰਕਾਰੀ ਮੁਲਾਜ਼ਮਾਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੁਲਾਜ਼ਮਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇਸ ਸੰਘਰਸ਼ ਵਿੱਚ ਕਿਸਾਨਾਂ ਦਾ ਸਾਥ ਦੇਣ ਤਾਂ ਜੋ ਸਰਕਾਰ 'ਤੇ ਦਬਾਅ ਬਣਾਇਆ ਜਾ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਟਾਇਮ ਪੰਜਾਬ ਸਰਕਾਰ (Government of Punjab) ਵੱਲੋਂ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ ਜਾਂਦਾ, ਉਨ੍ਹਾਂ ਸਮਾਂ ਕਿਸੇ ਵੀ ਮੁਲਾਜ਼ਮ ਨੂੰ ਸੈਕਟਰੀਏਟ (Mini Secretariat) ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੈਕਟਰੀਏਟ ਦਾ ਘਿਰਾਓ ਇਸੇ ਤਰ੍ਹਾਂ ਜਾਰੀ ਰਹੇਗਾ।
ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ (Tehsildar Bathinda Sukhbir Singh Brar) ਨੇ ਕਿਹਾ ਕਿ ਬਰਬਾਦ ਹੋਈਆਂ ਫਸਲਾਂ ਸੰਬੰਧੀ ਪੰਜਾਬ ਸਰਕਾਰ ਵੱਲੋਂ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਸਨ। ਜਿਨ੍ਹਾਂ ਦਾ ਕੰਮ ਹਾਲੇ ਜਾਰੀ ਹੈ, ਆਉਂਦੇ ਇੱਕ 2 ਹਫ਼ਤਿਆਂ ਵਿੱਚ ਗਿਰਦਾਵਰੀ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਨੂੰ ਬੇਨਤੀ ਕੀਤੀ ਗਈ ਹੈ, ਜੇ ਸੈਕਟਰੀਏਟ ਵਿੱਚ ਚੱਲ ਰਹੇ ਕੰਮ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਮੁਲਾਜ਼ਮਾਂ ਨੂੰ ਅੰਦਰ ਜਾਣ ਦਿੱਤਾ ਜਾਵੇ। ਫਿਲਹਾਲ ਕਿਸਾਨਾਂ ਵੱਲੋਂ ਸਟੇਟ ਬਾਡੀ ਦੀ ਮੀਟਿੰਗ ਕੀਤੀ ਜਾ ਰਹੀ ਹੈ।