ਬਠਿੰਡਾ: ਖੇਤੀ ਕਾਨੂੰਨ ਦੇ ਵਿਰੋਧ 'ਚ ਅੱਜ ਵੀਰਵਾਰ ਨੂੰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ 12 ਵਜੇ ਤੋਂ ਲੈ ਕੇ 4 ਵਜੇ ਤੱਕ ਚੱਕਾ ਜਾਮ ਕੀਤਾ ਗਿਆ। ਇਸ ਦਾ ਅਸਰ ਬਠਿੰਡਾ ਵਿੱਚ ਵੀ ਵੇਖਣ ਨੂੰ ਮਿਲਿਆ ਜਿੱਥੇ ਪੰਜ ਥਾਵਾਂ 'ਤੇ ਕਿਸਾਨ ਜਥੇਬੰਦੀਆਂ ਨੇ ਸੜਕਾਂ 'ਤੇ ਨਾਕਾਬੰਦੀ ਕੀਤੀ।
ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਨੇ ਕਿਹਾ ਕਿ ਅੱਜ ਬਠਿੰਡਾ ਜ਼ਿਲ੍ਹੇ ਵਿੱਚ ਖੇਤੀ ਕਾਨੂੰਨ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਪੰਜ ਥਾਵਾਂ 'ਤੇ ਕਿਸਾਨਾਂ ਵੱਲੋਂ ਨਾਕਾ ਲਗਾਇਆ ਗਿਆ ਹੈ। ਬਠਿੰਡਾ ਵਿੱਚ ਕਿਸਾਨਾਂ ਦੀਆਂ 6 ਜੱਥੇਬੰਦੀਆਂ ਦੇ ਸਹਿਯੋਗ ਨਾਲ ਭਾਈ ਘਨ੍ਹੱਈਆ ਚੌਂਕ ਵਿੱਚ ਚੱਕਾ ਜਾਮ ਕੀਤਾ ਗਿਆ।
ਬਲਕਰਨ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਵੱਲੋਂ ਬਣਾਏ ਦਬਾਅ ਤੋਂ ਬਾਅਦ ਵਿਧਾਨ ਸਭਾ ਵਿੱਚ ਖੇਤੀ ਕਾਨੂੰਨ ਖ਼ਿਲਾਫ਼ ਬਿੱਲ ਪਾਸ ਹੋਇਆ ਸੀ ਪਰ ਇਸ ਮਗਰੋਂ ਜਦ ਪੰਜਾਬ ਸਰਕਾਰ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਕੋਸ਼ਿਸ ਕੀਤੀ ਤਾਂ ਰਾਸ਼ਟਰਪਤੀ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਜਿਸ ਦੀ ਕਿਸਾਨ ਜਥੇਬੰਦੀਆਂ ਨਿੰਦਾ ਕਰਦੀਆਂ ਹਨ। ਬਲਕਰਨ ਸਿੰਘ ਨੇ ਕਿਹਾ ਕਿ ਆਉਣ ਵਾਲੀ 26, 27 ਨਵੰਬਰ ਨੂੰ ਕਿਸਾਨਾਂ ਵੱਲੋਂ ਦਿੱਲੀ ਦੇ ਰਾਮਲੀਲਾ ਗਰਾਊਂਡ ਵਿੱਚ ਭਾਰੀ ਇਕੱਠ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜੇਕਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਵਾਜ਼ ਨਾ ਸੁਣੀ ਗਈ ਤਾਂ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ।