ਬਠਿੰਡਾ: ਕਣਕ ਦਾ ਸੀਜ਼ਨ ਨੇੜੇ ਆ ਗਿਆ ਹੈ ਅਤੇ ਕਿਸਾਨਾਂ ਨੇ ਝੋਨਾ ਵੱਢ ਕੇ ਕਣਕ ਬੀਜਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਬਠਿੰਡਾ ਦੇ ਵਿੱਚ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਪਰਾਲੀ ਜਲਾਉਣ ਲਈ ਆਖ਼ਿਰ ਕੌਣ ਜ਼ਿੰਮੇਵਾਰ ਹੈ ਇਹ ਵੱਡਾ ਸਵਾਲ ਬਣਿਆ ਹੋਇਆ ਹੈ, ਸਰਕਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਸੁਵਿਧਾ ਮੁਹੱਈਆ ਨਹੀਂ ਕਰਵਾ ਰਹੀ ਅਤੇ ਦੂਜੇ ਪਾਸੇ ਕਿਸਾਨ ਖ਼ੁਦ ਨੂੰ ਪਰਾਲੀ ਜਲਾਉਣ ਲਈ ਮਜਬੂਰ ਦੱਸਦੇ ਹੋਏ ਨਜ਼ਰ ਆਉਂਦੇ ਹਨ।
ਹਰ ਸਾਲ ਪਰਾਲੀ ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਉੱਤੇ ਮੁਕੱਦਮੇ ਵੀ ਦਰਜ ਹੁੰਦੇ ਹਨ, ਜਿਸ ਨੂੰ ਲੈ ਕੇ ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਸਰਕਾਰ ਉਨ੍ਹਾਂ ਉੱਤੇ ਮੁਕੱਦਮੇ ਦਰਜ ਕਰ ਲਵੇ, ਪਰ ਪਰਾਲੀ ਨੂੰ ਸਾੜਨ ਦੇ ਲਈ ਉਨ੍ਹਾਂ ਕੋਲ ਕੋਈ ਦੂਸਰਾ ਰਾਹ ਨਹੀਂ ਹੈ। ਇਸ ਤੋਂ ਇਲਾਵਾ ਤਾਂ ਕਿਸਾਨਾਂ ਕੋਲ ਮੌਤ ਹੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰਾਂ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੇ ਲਈ 250 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਵੇ ਜਾਂ ਫ਼ਿਰ ਇਸ ਦੇ ਲਈ ਕੋਈ ਦੂਜਾ ਰਾਹ ਕਿਸਾਨਾਂ ਨੂੰ ਮੁਹੱਈਆ ਕਰਵਾਏ। ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਲਈ ਭਾਵੇਂ ਸਰਕਾਰ ਅਤੇ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਅਪੀਲ ਕਰ ਰਿਹਾ ਹੈ, ਪਰ ਕਿਸਾਨਾਂ ਦਾ ਕਹਿਣਾ ਹੈ ਕਿ ਪਰਿਵਾਰ ਉਨ੍ਹਾਂ ਦਾ ਵੀ ਹੈ ਅਤੇ ਉਨ੍ਹਾਂ ਦੇ ਬੱਚੇ ਵੀ ਦੂਸ਼ਿਤ ਵਾਤਾਵਰਣ ਦਾ ਸ਼ਿਕਾਰ ਹੁੰਦੇ ਹਨ। ਪਰ ਉਨ੍ਹਾਂ ਕੋਲ ਕੋਈ ਦੂਜਾ ਰਾਹ ਨਹੀਂ ਹੈ।