ਬਠਿੰਡਾ:ਪੰਜਾਬ ਸਰਕਾਰ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਪੋਰਟਲ ਦੀ ਸ਼ਰਤ ਰੱਖ ਦਿੱਤੀ ਗਈ ਹੈ। ਇਸ ’ਤੇ ਬੋਲਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਦੁਚਿੱਤੀ ਵਿਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਰਨਾ ਚਾਹੀਦਾ ਹੈ ਕਿਸਾਨਾਂ ਨੂੰ ਕਰਨਾ ਪੈ ਰਿਹਾ ਹੈ ਕਿਉਂਕਿ ਸਰਕਾਰ ਦੀ ਨੀਅਤ ਵਿੱਚ ਖੋਟ ਹੈ।
ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਹੀ ਦੇਣਾ ਚਾਹੁੰਦੀ ਹੈ ਤਾਂ ਉਹ ਅਧਿਕਾਰੀਆਂ ਨੂੰ ਖੇਤਾਂ ਵਿੱਚ ਭੇਜੇ ਅਤੇ ਸਰਵੇ ਕਰਾਵੇ ਪਰ ਦੇਖਿਆ ਜਾਵੇ ਤਾਂ ਪਹਿਲਾਂ ਨਰਮੇ ਦੇ ਮੁਆਵਜ਼ੇ ਵੇਲੇ ਅਤੇ ਮਜ਼ਦੂਰਾਂ ਨੂੰ ਮੁਆਵਜ਼ੇ ਨੂੰ ਲੈ ਕੇ ਵੀ ਅਧਿਕਾਰੀਆਂ ਵੱਲੋਂ ਕੀਤੇ ਗਏ ਗਲਤ ਸਰਵੇ ਕਾਰਨ ਸਹੀ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲ ਸਕਿਆ ਜਿਸ ਲਈ ਕਿਸਾਨ ਨਹੀਂ ਅਧਿਕਾਰੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਪ੍ਰਭਾਵ ਨਾਲ ਗੁੰਝਲਦਾਲ ਝੰਜਟ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢੇ।