ਬਠਿੰਡਾ :ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਿੱਚ 20 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਰਾਮਲੀਲਾ ਮੈਦਾਨ ਵਿੱਚ ਕੀਤੀ ਜਾ ਰਹੀ ਮਹਾਪੰਚਾਇਤ ਨੂੰ ਲੈ ਕੇ ਤਿਆਰੀ ਕੀਤੀ ਜਾ ਰਹੀਆਂ ਹਨ। ਅੱਜ ਤਲਵੰਡੀ ਸਾਬੋ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ- ਟਿਕੈਤ ਦੀ ਇੱਕ ਅਹਿਮ ਮੀਟਿੰਗ ਦਮਦਮਾ ਸਾਹਿਬ ਵਿਖੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਦੀ ਅਗਵਾਈ ਵਿੱਚ ਕਰਕੇ ਕਿਸਾਨਾਂ ਨੂੰ 20 ਮਾਰਚ ਨੂੰ ਦਿੱਤੀ ਕਿਸਾਨ ਮਹਾਂਪੰਚਾਇਤ ਵਿੱਚ ਪੁੱਜਣ ਲਈ ਲਾਮਬੰਦ ਕੀਤਾ ਗਿਆ।
ਇਹ ਹਨ ਮੰਗਾਂ :ਕਿਸਾਨ ਆਗੂਆਂ ਨੇ ਦੱਸਿਆ ਕਿ ਕਿ ਦਿੱਲੀ ਮੋਰਚੇ ਦੌਰਾਨ ਕੇਂਦਰ ਸਰਕਾਰ ਨਾਲ ਫਸਲਾਂ ਤੇ ਐਮ.ਐਸ.ਪੀ ਅਤੇ ਸਰਕਾਰੀ ਖਰੀਦ ਦੀ ਗਰੰਟੀ, ਲਖੀਮਪੁਰ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਬੇਦੋਸ਼ੇ ਕਿਸਾਨਾਂ ਨੂੰ ਜੇਲ੍ਹਾਂ ਚੋਂ ਰਿਹਾਅ ਕਰਵਾਉਣ, ਕਿਸਾਨਾਂ ਤੇ ਕੀਤੇ ਪਰਚੇ ਰੱਦ ਕਰਵਾਉਣ, ਬਿਜਲੀ ਬਿੱਲ 2020 ਰੱਦ ਕਰਵਾਉਣ, ਸਮੁੱਚਾ ਕਿਸਾਨੀ ਕਰਜ਼ਾ ਖਤਮ ਕਰਨਾ, ਕਿਸਾਨ ਮਜ਼ਦੂਰ ਦੀ ਪੈਨਸ਼ਨ ਲਗਵਾਉਣ, ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ, ਫ਼ਸਲੀ ਬੀਮਾਂ ਯੋਜਨਾ ਲਾਗੂ ਕਰਵਾਉਣ ਆਦਿ ਮੰਗਾਂ ਉੱਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਸਹਿਮਤੀ ਬਣੀ ਸੀ। ਕੇਂਦਰ ਸਰਕਾਰ ਕੋਈ ਮੰਗ ਪੂਰੀ ਨਾ ਕਰਨ ਦੇ ਰੋਸ ਵਜੋਂ 20 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਪੰਚਾਇਤ ਕੀਤੀ ਜਾਵੇਗੀ। ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜ ਰਹੇ ਹਨ।