ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਅੱਜ ਬਠਿੰਡਾ ਦੇ ਮਿੰਨੀ ਸੈਕਟਰੀਏਟ ਦਾ ਘਿਰਾਓ ਕਰਦੇ ਹੋਏ ਤਿੰਨ ਮੁਖ ਰਸਤਿਆਂ ਨੂੰ ਮੁਕੰਮਲ ਬੰਦ ਕਰ ਦਿੱਤਾ ਗਿਆ। ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਕਰੀਬ 10 ਮਹੀਨਿਆਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀਆਂ ਮੰਗਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਕਿਸਾਨਾਂ ਵੱਲੋਂ ਦਿਨੋ-ਦਿਨ ਆਪਣੇ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਦੀਆਂ ਅਗਵਾਈ ਕਰ ਰਹੇ ਜ਼ਿਲ੍ਹਾਂ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਰੱਦ ਕਰਾਉਣ ਲਈ ਸ਼ੁਰੂ ਕੀਤੇ ਗਏ ਸੰਘਰਸ਼ ਦੌਰਾਨ ਆਪਣੀ ਜੀਵਨ ਲੀਲਾ ਖ਼ਤਮ ਕਰਨ ਵਾਲੇ ਕਿਸਾਨ ਨੂੰ ਇਨਸਾਫ ਦਿਵਾਉਣ ਲਈ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ, ਕਿ ਪੰਜਾਬ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਪੀੜਤ ਪਰਿਵਾਰ ਨੂੰ 15 ਲੱਖ ਰੁਪਏ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ, ਜੋ ਕਿ ਹਾਲੇ ਤੱਕ ਨਹੀਂ ਦਿੱਤੀ ਗਈ।