ਬਠਿੰਡਾ:ਜ਼ਿਲ੍ਹੇ ਦੇ ਪਿੰਡ ਬੀੜ ਤਾਲਾਬ ਦੇ ਰਹਿਣ ਵਾਲੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਵਿਜੇ ਸਿੰਘ 'ਤੇ ਇੱਕ ਦਰਜਨ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਗੰਭੀਰ ਹਾਲਤ ਵਿੱਚ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਬਠਿੰਡਾ ਪੁਲਿਸ (Bathinda Police) ਨੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ਾ ਤਸਕਰਾਂ ਨੇ ਕੀਤਾ ਹਮਲਾ: ਵਿਜੇ ਸਿੰਘ ਨੇ ਦੱਸਿਆ ਕਿ ਉਹ ਨਸ਼ਾ ਰੋਟੀ ਕਮੇਟੀ ਦਾ ਮੈਂਬਰ ਹੈ। ਰੋਜ਼ ਦੀ ਤਰ੍ਹਾਂ ਉਹ ਬਠਿੰਡਾ ਤੋਂ ਕੰਮ ਨਿਪਟਾ ਕੇ ਆਪਣੇ ਪਿੰਡ ਜਾ ਰਿਹਾ ਸੀ ਅਤੇ ਜਦੋਂ ਉਹ ਕਿਸਾਨ ਚੌਂਕ ਨੇੜੇ ਪਹੁੰਚਿਆ ਤਾਂ ਅਣਪਛਾਤਿਆਂ ਨੇ ਉਸ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਸਿਰ ਪਾੜ ਦਿੱਤਾ, ਇਸ ਤੋਂ ਮਗਰੋਂ ਉਹ ਫਰਾਰ ਹੋ ਗਏ। ਜ਼ਖਮੀ ਹਾਲਤ 'ਚ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ। ਵਿਜੇ ਸਿੰਘ ਨੇ ਇਲਜ਼ਾਮ ਲਾਇਆ ਕਿ ਇਹ ਹਮਲਾ ਨਸ਼ਾ ਤਸਕਰਾਂ ਵੱਲੋਂ ਕੀਤਾ ਗਿਆ ਸੀ, ਜਿਨ੍ਹਾਂ ਨੂੰ ਉਹ ਜਾਣਦਾ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਉਸ ਨੇ ਨਸ਼ਾ ਤਸਕਰਾਂ ਦੇ ਨਾਮ ਥਾਣਾ ਸਦਰ ਵਿੱਚ ਦਿੱਤੇ ਸਨ ਅਤੇ ਉਨ੍ਹਾਂ ਦੇ ਘਰ ਦਾ ਘਿਰਾਓ ਕੀਤਾ ਸੀ ਕਿਉਂਕਿ ਉਨ੍ਹਾਂ ਵੱਲੋਂ ਨਸ਼ਾ ਰੋਕ ਕਮੇਟੀ ਨਾਲ ਝਗੜਾ ਕਰਨ ਲਈ ਬਾਹਰੋਂ ਬੰਦੇ ਬੁਲਾਏ ਗਏ ਸਨ, ਪਤਾ ਲੱਗਣ ਉੱਤੇ ਨਸ਼ਾ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਮੌਕੇ ਉੱਤੇ ਬੁਲਾ ਕੇ ਉਹਨਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।