ਬਠਿੰਡਾ:ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅੱਜ ਐਤਵਾਰ ਨੂੂੰ ਬਠਿੰਡਾ ਵਿਖੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਭਗਵੰਤ ਮਾਨ ਅਤੇ ਕੇਜਰੀਵਾਲ ਨਾਲ ਕੀ ਰਿਸ਼ਤਾ ਹੈ, ਇਸ ਨੂੰ ਹਰ ਪੰਜਾਬੀ ਜਾਣਨਾ ਚਾਹੁੰਦਾ ਹੈ।
ਸਰਕਾਰ ਅੰਮ੍ਰਿਤਪਾਲ ਉੱਤੇ ਕਾਰਵਾਈ ਕਿਉਂ ਨਹੀਂ ਕਰ ਰਹੀ ?ਇਸ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਨੇ ਸ਼ਰੇਆਮ ਥਾਣੇ ਉੱਤੇ ਕਬਜ਼ਾ ਕਰਕੇ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਸੀ। ਪਰ ਮੌਜੂਦਾ ਪੰਜਾਬ ਸਰਕਾਰ ਵੱਲੋਂ ਇਹਨਾਂ ਉੱਤੇ ਕੋਈ ਕਾਰਵਾਈ ਨਾ ਕੀਤੇ ਜਾਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ। ਜੇਕਰ ਇਹ ਮੌਜੂਦਾ ਪੰਜਾਬ ਸਰਕਾਰ ਦੀ ਮਿਲੀਭੁਗਤ ਤੋਂ ਬਿਨਾਂ ਹੋਇਆ ਹੈ ਤਾਂ ਮਾਨ ਸਰਕਾਰ ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੀ। ਪੰਜਾਬ ਦੇ ਵਿਗੜਦੇ ਹਾਲਾਤਾਂ ਤੋਂ ਸਾਫ਼ ਜ਼ਾਹਿਰ ਹੋ ਗਿਆ ਹੈ ਕਿ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ।
ਜੇਲ੍ਹਾਂ ਵਿੱਚ 5 ਤਾਰਾ ਹੋਟਲਾਂ ਵਰਗੀਆਂ ਸਹੂਲਤਾਂ:-ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਗ਼ੈਰ-ਕਾਨੂੰਨੀ ਤਰੀਕੇ ਨਾਲ 5 ਤਾਰਾ ਹੋਟਲਾਂ ਵਰਗੀਆਂ ਸਹੂਲਤਾਂ ਮਿਲਦੀਆਂ ਹਨ। ਇਸ ਤੋਂ ਇਲਾਵਾ ਜੇਲ੍ਹਾਂ ਵਿੱਚ ਕੈਦੀਆਂ ਨੂੰ ਮੋਬਾਇਲ ਫੋਨ ਇੰਟਰਨੈੱਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ ਅਤੇ ਉਹਨਾਂ ਵੱਲੋਂ ਲਗਾਤਾਰ ਪੰਜਾਬ ਵਿਚ ਅਜਿਹੀ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਜਿਸ ਕਰਕੇ ਸੂਬੇ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ।