ਤਲਵੰਡੀ ਸਾਬੋ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ, ਹਰਿਆਣਾ ਅਤੇ ਦੇਸ਼ ਭਰ ਦੇ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚ ਰਹੇ ਹਨ। ਕਈ ਥਾਂ ਪੁਲਿਸ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਤਸ਼ੱਦਦ ਵੀ ਕੀਤਾ ਗਿਆ ਹੈ। ਇਸ ਸਭ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ 'ਤੇ ਪਹੁੰਚ ਕੇ ਧਰਨੇ ਸ਼ੁਰੂ ਕਰ ਦਿੱਤੇ ਹਨ। ਇਸ ਸਭ ਦੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਦੇ ਹੱਕ 'ਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨਾਲ ਇਸ ਤਰਾਂ ਦਾ ਸਲੂਕ ਕੀਤਾ ਗਿਆ ਜਿਵੇਂ ਦੁਸ਼ਮਣ ਦੇਸ਼ ਦੀਆਂ ਫੌਜਾਂ ਨਾਲ ਕੀਤਾ ਜਾਂਦਾ ਹੈ। ਜਦੋਂ ਕਿ ਕਿਸਾਨਾਂ ਨੇ ਦਰਿਆਦਿਲੀ ਦਾ ਸਬੂਤ ਦਿੰਦੇ ਹੋਏ ਪੁਲਿਸ ਦੇ ਉਨ੍ਹਾਂ ਜਵਾਨਾਂ ਤੱਕ ਨੂੰ ਲੰਗਰ ਛਕਾਇਆ ਜਿਨ੍ਹਾਂ ਨੇ ਕਿਸਾਨਾਂ ਦਾ ਰਾਹ ਰੋਕਿਆ।