ਬਠਿੰਡਾ: 2024 ਦੀਆਂ ਵਿਧਾਨ ਸਭਾ ਚੋਣਾਂ ਸਿਰ ਉੱਤੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਇੱਕ ਵਾਰ ਫਿਰ ਚੋਣ ਮੈਦਾਨ ਦੇ ਵਿੱਚ ਹਰਸਿਮਰਤ ਕੌਰ ਬਾਦਲ ਨੂੰ ਉਤਾਰਨ ਦੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਰਸਿਮਰਤ ਕੌਰ ਬਾਦਲ ਵੱਲੋਂ ਲੋਕ ਸੰਪਰਕ ਲਹਿਰ ਸ਼ੁਰੂ ਕੀਤੀ ਗਈ ਹੈ ਅਤੇ ਪਿੰਡਾਂ-ਕਸਬਿਆਂ ਅਤੇ ਸ਼ਹਿਰਾਂ ਵਿੱਚ ਬੈਠਕਾਂ ਅਤੇ ਰੈਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਪਿਛਲੇ ਪੰਜ ਸਾਲ ਦੇ ਵਿੱਚ ਵਾਪਰੇ ਘਟਨਾਕ੍ਰਮ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਗਰਾਫ ਵਿੱਚ ਆਈ ਗਿਰਾਵਟ ਕਾਰਨ ਇਸ ਵਾਰ ਹਰਸਿਮਰਤ ਕੌਰ ਬਾਦਲ ਦਾ ਬਠਿੰਡਾ ਲੋਕ ਸਭਾ ਹਲਕੇ ਤੋਂ ਮੁੜ ਚੋਣ ਜਿੱਤਣਾ ਮੁਸ਼ਕਿਲ ਜਾਪ ਰਿਹਾ ਹੈ।
ਸੀਨੀਅਰ ਲੀਡਰਸ਼ਿਪ ਨੇ ਛੱਡੀ ਪਾਰਟੀ:ਬਠਿੰਡਾ ਲੋਕ ਸਭਾ ਹਲਕੇ (Bathinda Lok Sabha Constituency) ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਵਿੱਚ 9 ਵਿਧਾਨ ਸਭਾ ਹਲਕੇ ਪੈਂਦੇ ਹਨ। ਇਹ 9 ਵਿਧਾਨ ਸਭਾ ਹਲਕੇ ਬਠਿੰਡਾ ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨਾਲ ਸੰਬੰਧਿਤ ਹਨ। ਬਠਿੰਡਾ ਜ਼ਿਲ੍ਹੇ ਨਾਲ ਸੰਬੰਧਿਤ ਤਿੰਨ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਨੂੰ ਜਾਂ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ ਜਾਂ ਉਹ ਖੁਦ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਗਏ ਹਨ। ਸੀਨੀਅਰ ਲੀਡਰਸ਼ਿਪ ਵੱਲੋਂ ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਜਾਣਾ 2024 ਦੀਆਂ ਲੋਕ ਸਭਾ ਚੋਣਾਂ ਲੜਨ ਵਾਲਿਆਂ ਲਈ ਕੋਈ ਚੰਗੇ ਸੰਕੇਤ ਨਹੀਂ ਦੇ ਰਿਹਾ।
ਸੁਖਬੀਰ ਬਾਦਲ ਦੀ ਅਗਵਾਈ ਉੱਤੇ ਸਵਾਲ: ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਜਾਣ ਵਾਲੇ ਤਲਵੰਡੀ ਸਾਬੋ ਤੋਂ ਚਾਰ ਵਾਰ ਵਿਧਾਇਕ ਰਹੇ (Jeet Mahendra Singh Sidhu) ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਦੀ ਕਾਰਗੁਜ਼ਾਰੀ ਉੱਤੇ ਕਈ ਤਰ੍ਹਾਂ ਦੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਦਿਸ਼ਾਹੀਣ ਪਾਰਟੀ ਤੱਕ ਕਰਾਰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਹੁਣ ਸੀਨੀਅਰ ਲੀਡਰਸ਼ਿਪ ਦੀ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਆਪਹੁਦਰੇ ਫੈਸਲੇ ਲਏ ਜਾਂਦੇ ਹਨ। ਇਸੇ ਤਰ੍ਹਾਂ ਮੌੜ ਹਲਕੇ ਤੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਜਗਮੀਤ ਸਿੰਘ ਬਰਾੜ ਵੱਲੋਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਉੱਤੇ ਸਵਾਲ ਖੜ੍ਹੇ ਕੀਤੇ ਗਏ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਸੁਖਬੀਰ ਬਾਲ ਨੂੰ ਅਸਤੀਫਾ ਦੇਣ ਤੱਕ ਦੀ ਨਸੀਹਤ ਦੇ ਦਿੱਤੀ।