ਬਠਿੰਡਾ: ਸੂਬੇ ਭਰ ਵਿੱਚ ਸਰਕਾਰੀ ਕਰਮਚਾਰੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਭੁੱਖ ਹੜਤਾਲ 'ਤੇ ਬੈਠੇ। ਸਰਕਾਰੀ ਕਰਮਚਾਰੀਆਂ ਵੱਲੋਂ ਇਹ ਧਰਨਾ ਪੰਜਾਬ ਪੱਧਰ 'ਤੇ ਜਾਰੀ ਹੈ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਅਤੇ ਯੂਟੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਾਂਝ ਕੇਂਦਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ।
ਸੂਬੇ ਭਰ ਦੇ ਸਰਕਾਰੀ ਕਰਮਚਾਰੀਆਂ ਵੱਲੋਂ ਭੁੱਖ ਹੜਤਾਲ
ਸਰਕਾਰੀ ਕਰਮਚਾਰੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਸੂਬਾ ਪੱਧਰ 'ਤੇ ਭੁੱਖ ਹੜਤਾਲ ਕੀਤੀ ਗਈ। ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਾਂਝ ਕੇਂਦਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਅਤੇ ਨਾਅਰੇਬਾਜ਼ੀ ਵੀ ਕੀਤਾ ਗਈ।
ਭੁੱਖ ਹੜਤਾਲ 'ਤੇ ਬੈਠੇ ਵੱਖ-ਵੱਖ ਜਥੇਬੰਦੀਆਂ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੂਰਨ ਤੌਰ ਤੇ ਕੰਮ ਨੂੰ ਠੱਪ ਕਰ ਦਿੱਤਾ ਗਿਆ। ਧਰਨੇ 'ਤੇ ਬੈਠੇ ਮੁਲਾਜ਼ਮਾਂ ਦੀ ਅਗਵਾਈ ਕਰ ਰਹੇ ਆਗੂ ਮੇਘ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੁੱਚੇ ਪੰਜਾਬ ਦੇ ਵਿੱਚ ਸਰਕਾਰੀ ਮੁਲਾਜ਼ਮਾ ਵੱਲੋਂ ਧਰਨਾ ਦਿੱਤਾ ਗਿਆ ਹੈ ਅਤੇ ਇਹ ਧਰਨਾ ਲਗਾਤਾਰ ਜਾਰੀ ਰਹੇਗਾ। ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਭੁੱਖ ਹੜਤਾਲ 'ਤੇ ਬੈਠੇ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਦੀ ਸੂਬਾ ਪ੍ਰਧਾਨ ਕੁਲਵੰਤ ਕੌਰ ਨੇ ਕਿਹਾ ਕਿ ਪੰਜਾਬ ਦੇ ਵਿੱਚ ਤਕਰੀਬਨ 60 ਲੱਖ ਦੇ ਕਰੀਬ ਮੁਲਾਜ਼ਮ ਧਰਨੇ 'ਤੇ ਹਨ ਜਿਸ ਵਿੱਚ 50 ਜੱਥੇਬੰਦੀਆਂ ਪੂਰੇ ਪੰਜਾਬ ਦੇ ਵਿੱਚ ਧਰਨੇ ਵਿੱਚ ਸ਼ਾਮਲ ਹਨ। ਕੁਲਵੰਤ ਕੌਰ ਆਪਣੀਆਂ ਮੰਗਾਂ ਦੱਸਦਿਆਂ ਕਿਹਾ ਕਿ ਸਰਕਾਰ ਪੇ-ਕਮਿਸ਼ਨ ਨੂੰ ਲਾਗੂ ਕਰੇ, ਕੱਚੇ ਕਾਮਿਆਂ ਨੂੰ ਪੱਕਾ ਕਰੇ, 2004 ਤੋਂ ਬਾਅਦ ਬੰਦ ਕੀਤੀ ਗਈਆਂ ਪੈਨਸ਼ਨਾਂ ਨੂੰ ਬਹਾਲ ਕਰੇ, ਡੀ.ਏ. ਦੀ ਕਿਸ਼ਤਾਂ ਬਕਾਇਆ ਹਨ ਅਤੇ ਏਰੀਅਰ ਵੀ ਬਕਾਇਆ ਹੈ। ਇਨ੍ਹਾਂ ਮੰਗਾਂ ਸਬੰਧੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਰਹੀ।