ਬਠਿੰਡਾ: ਸੀਐੱਮ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾਂ ਤਤਪਰ ਹੈ। ਉਨ੍ਹਾਂ ਨੂੰ ਮੰਦਹਾਲੀ ਵਿੱਚੋਂ ਕੱਢਣ ਲਈ ਯਤਨਸ਼ੀਲ ਹੈ। ਛੋਟੇ ਕਿਸਾਨਾਂ ਦੀ ਬਾਂਹ ਫ਼ੜਨਾ ਪੰਜਾਬ ਸਰਕਾਰ ਦਾ ਇਖਲਾਖੀ ਫ਼ਰਜ਼ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ (Punjab Agriculture Minister Gurmeet Singh) ਨੇ ਕਿਸਾਨ ਮੇਲੇ ਦੌਰਾਨ ਕੀਤਾ। ਮੰਤਰੀ ਖੁੱਡੀਆ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਸਾਨਾਂ ਦੀ ਮਾਂ ਦੱਸਦਿਆਂ ਕਿਹਾ ਕਿ ਕਿਸਾਨ ਮੇਲੇ ਕਿਸਾਨੀ ਨੂੰ ਸਹੀ ਦਿਸ਼ਾ ਦੇਣ ਦੇ ਲਈ ਚੰਗਾ ਸੰਕੇਤ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨ ਮੇਲੇ ਦੋ-ਪਾਸੜਾ ਹੁੰਦੇ ਹਨ, ਜਿਸ ਨਾਲ ਵਿਗਿਆਨੀ ਕਿਸਾਨਾਂ ਦੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਸੂਚਨਾ ਨਵੀਆਂ ਖੋਜਾਂ ਦਾ ਮੁੱਢ ਬੰਨਦੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨੀ ਦੀ ਹਾਲਤ ਨੂੰ ਉੱਚਾ ਚੁੱਕਣ ਦੇ ਲਈ ਪਾਏ ਗਏ ਯੋਗਦਾਨ ਦੀ ਭਰਪੂਰ ਸ਼ਲਾਘਾ ਵੀ ਕੀਤੀ।
ਨਕਲੀ ਬੀਜ ਅਤੇ ਦਵਾਈਆਂ ਵੇਚਣ ਵਾਲਿਆਂ ਨੂੰ ਤਾੜਨਾ:ਇਸ ਮੌਕੇ ਖੇਤੀਬਾੜੀ ਮੰਤਰੀ ਨੇ ਨਕਲੀ ਦਵਾਈਆਂ ਅਤੇ ਬੀਜਾਂ ਨਾਲ ਕਿਸਾਨਾਂ ਨੂੰ ਠੱਗਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਵੀ ਚਿਤਾਵਨੀ ਦਿੱਤੀ। ਉਨ੍ਹਾਂ ਇਹ ਕਿਹਾ ਕਿ ਕਿਸਾਨਾਂ ਦੀ ਮੰਗ ਅਨੁਸਾਰ ਬੀਜਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗਾ। ਕਿਸੇ ਵੀ ਫ਼ਸਲ ਦੇ ਬੀਜ਼ ਨੂੰ ਸਾਨੂੰ ਸਾਰਿਆਂ ਨੂੰ ਰਲ ਕੇ ਖ਼ਰੀਦਣਾ ਚਾਹੀਦਾ ਹੈ ਤਾਂ ਜੋ ਹਰੇਕ ਕਿਸਾਨ ਨੂੰ ਬੀਜ ਮਿਲ ਸਕੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਤਿਆਰ ਕੀਤਾ ਗਿਆ ਕਣਕ ਦਾ 826 ਨਵਾਂ ਬੀਜ ਕਿਸਾਨਾਂ ਲਈ ਬਹੁਤ ਹੀ ਲਾਹੇਬੰਦ ਸਾਬਤ ਹੋਵੇਗਾ, ਜੋ ਕਿ ਕਿਸਾਨਾਂ ਵਿੱਚ ਬਹੁਤ ਹੀ ਜ਼ਿਆਦਾ ਪ੍ਰਚੱਲਤ ਹੋਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਦਾ ਬੀਜ਼ ਬਾਹਰ ਨਹੀਂ ਵੇਚਿਆ ਜਾਵੇਗਾ। ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ (Compensation for damaged crops) ਤਕਰੀਬਨ ਸਾਰੇ ਕਿਸਾਨਾਂ ਨੂੰ ਦੇ ਦਿੱਤਾ ਗਿਆ ਹੈ, ਜੇਕਰ ਫ਼ਿਰ ਵੀ ਕੋਈ ਕਿਸਾਨ ਰਹਿ ਗਿਆ ਤਾਂ ਉਨ੍ਹਾਂ ਨੂੰ ਵੀ ਜਲਦ ਮੁਆਵਜ਼ਾ ਦਿੱਤਾ ਜਾਵੇਗਾ।